ਚੰਡੀਗੜ੍ਹ, 20 ਫਰਵਰੀ 2025: ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਨੇ 12ਵੀਂ ਜਮਾਤ (Class 12 students) ਦੇ ਵਿਦਿਆਰਥੀਆਂ ਤੱਕ ਪਹੁੰਚਣ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਤਹਿਤ, ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਸਮਝਣ ਅਤੇ ਪੂਰਾ ਕਰਨ ‘ਚ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਔਨਲਾਈਨ ਫਾਰਮ ਭਰਵਾਇਆ ਹੈ।
ਇਸ ਸੰਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ 12ਵੀਂ ਜਮਾਤ (Class 12 students) ਦੀਆਂ ਬੋਰਡ ਪ੍ਰੀਖਿਆਵਾਂ ਦੇਣ ਵਾਲੇ ਸਾਰੇ ਵਿਦਿਆਰਥੀਆਂ ਨਾਲ ਇੱਕ ਗੂਗਲ ਫਾਰਮ ਸਾਂਝਾ ਕੀਤਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਫਾਰਮ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਾ ਸੁਨੇਹਾ ਵੀ ਭੇਜਿਆ ਗਿਆ ਹੈ।
ਇਸ ਫਾਰਮ ‘ਚ, ਵਿਦਿਆਰਥੀਆਂ ਤੋਂ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ, ਜਿਵੇਂ ਕਿ ਉੱਚ ਸਿੱਖਿਆ, ਉੱਦਮਤਾ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਲੰਮੇ ਸਮੇਂ ਦੇ ਟੀਚਿਆਂ ਬਾਰੇ ਪੁੱਛਿਆ ਗਿਆ ਹੈ। ਇਕੱਠੀ ਕੀਤੀ ਜਾਣਕਾਰੀ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਵਿਦਿਅਕ ਅਤੇ ਪੇਸ਼ੇਵਰ ਯੋਜਨਾਵਾਂ ਨੂੰ ਸਾਕਾਰ ਕਰਨ ਲਈ ਸਹੀ ਯੋਜਨਾਬੰਦੀ ਕਰਨ ‘ਚ ਸਹਾਇਤਾ ਕਰੇਗੀ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਵਿਦਿਆਰਥੀ ਇਸ “ਐਸਪੀਰੇਸ਼ਨ ਫਾਰਮ” ਨੂੰ ਵਿਅਕਤੀਗਤ ਤੌਰ ‘ਤੇ ਭਰਨ ਅਤੇ ਵਿਦਿਆਰਥੀਆਂ ਨੂੰ ਇਸਨੂੰ ਭਰਨ ‘ਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ।
ਇਸ ਪਹਿਲਕਦਮੀ ਦੀ ਨਿਗਰਾਨੀ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ। ਬਲਾਕ ਪੱਧਰ ‘ਤੇ, ਬਲਾਕ ਨੋਡਲ ਅਫਸਰ (BNO) ਇਸਦੀ ਨੇੜਿਓਂ ਨਿਗਰਾਨੀ ਕਰੇਗਾ। ਉਨ੍ਹਾਂ ਦੱਸਿਆ ਕਿ ਹੈੱਡਕੁਆਰਟਰ ਦੇ ਅਧਿਕਾਰੀ ਇੱਕ ਲਾਈਵ ਡੈਸ਼ਬੋਰਡ ਰਾਹੀਂ ਬੈਕਐਂਡ ਸਹਾਇਤਾ ਪ੍ਰਦਾਨ ਕਰਨਗੇ ਜਿਸ ਰਾਹੀਂ ਹਰੇਕ ਜ਼ਿਲ੍ਹੇ ‘ਚ ਭਰੇ ਗਏ ਫਾਰਮਾਂ ਦੀ ਪ੍ਰਗਤੀ ਨੂੰ ਟਰੈਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ੁਭਕਾਮਨਾਵਾਂ ਸੰਦੇਸ਼ ਵੀ 12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਹੈ। ਇਸ ਪੱਤਰ ‘ਚ ਮੁੱਖ ਮੰਤਰੀ ਨੇ ਨਾ ਸਿਰਫ਼ ਹਰੇਕ ਵਿਦਿਆਰਥੀ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ, ਸਗੋਂ ਇਸ ਮਹੱਤਵਪੂਰਨ ਸਮੇਂ ਦੌਰਾਨ ਮਾਨਸਿਕ ਸਿਹਤ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਨਾਲ ਸਬੰਧਤ ਤਣਾਅ ਦੇ ਪ੍ਰਬੰਧਨ ਬਾਰੇ ਵੀ ਮਾਰਗਦਰਸ਼ਨ ਪ੍ਰਦਾਨ ਕੀਤਾ।