ਸਰਕਾਰੀ ਮਹਿਲਾ ਕਰਮਚਾਰੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡਾ ਐਲਾਨ

ਐਸਏਐਸ ਨਗਰ (ਮੋਹਾਲੀ), 17 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਭਰ ਦੇ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਇੱਕ ਵੱਡੀ ਰਾਹਤ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ‘ਚ ਸਟਾਫ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਉਨ੍ਹਾਂ ਨੂੰ ਉਨ੍ਹਾਂ ਦੀ ਪਰਖਕਾਲ ਸਮਾਂ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਘੇਰੇ ‘ਚ ਤਾਇਨਾਤ ਕੀਤਾ ਜਾਵੇਗਾ।

ਇਸ ਫੈਸਲੇ ਦਾ ਉਦੇਸ਼ ਮਹਿਲਾ ਕਰਮਚਾਰੀਆਂ ਲਈ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਵਿਚਕਾਰ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਉਨ੍ਹਾਂ ਨੂੰ ਇੱਕ ਇਤਿਹਾਸਕ ਕਰਮਚਾਰੀ-ਪੱਖੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਨ ਵਾਲੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਜ਼ਰੂਰੀ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ, “ਸਿਹਤ ਵਿਭਾਗ ਵਿੱਚ ਕੰਮ ਕਰਨ ਵਾਲੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ, ਖਾਸ ਕਰਕੇ ਸਟਾਫ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ।”

ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ ‘ਤੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲ ਕੀਤੀ ਹੈ ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਲਗਭੱਗ 200 ਕਿਲੋਮੀਟਰ ਦੂਰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਉਹ ਹਫ਼ਤੇ ‘ਚ ਸਿਰਫ਼ ਦੋ ਦਿਨ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ, ਸਾਡੀ ਸਰਕਾਰ ਨੇ ਇੱਕ ਨੀਤੀ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਦੇ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ‘ਚ ਸਟਾਫ ਨਰਸਾਂ, ਅਧਿਆਪਕਾਵਾਂ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰੋਬੇਸ਼ਨਰੀ ਮਿਆਦ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।”

ਉਨ੍ਹਾਂ ਨੇ ਕਿਹਾ, “ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਜਾਂ ਸਹੁਰਿਆਂ ਦਾ ਪਤਾ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਭਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ, ਕਿਉਂਕਿ ਖੁਸ਼ ਕਰਮਚਾਰੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦੇ ਹਨ। 40 ਕਿਲੋਮੀਟਰ ਸਿਰਫ ਉੱਪਰਲੀ ਸੀਮਾ ਹੈ; ਇਹ ਤਾਇਨਾਤੀਆਂ ਘੱਟ ਦੂਰੀ ਦੇ ਅੰਦਰ ਵੀ ਹੋ ਸਕਦੀਆਂ ਹਨ, ਜਿਵੇਂ ਕਿ 15 ਜਾਂ 20 ਕਿਲੋਮੀਟਰ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਹਮੇਸ਼ਾ ਉਨ੍ਹਾਂ ਨਾਲ ਆਪਣੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰ ਸਕਦੀ ਹੈ।

Read More: SC ਕਮਿਸ਼ਨ ਵੱਲੋਂ ਰਾਜਾ ਵੜਿੰਗ ਮਾਮਲੇ ‘ਚ ਪੰਜਾਬ ਪੁਲਿਸ ਤੋਂ 2 ਜੁਲਾਈ ਤੱਕ ਰਿਪੋਰਟ ਤਲਬ

ਵਿਦੇਸ਼

Scroll to Top