ਗੰਨੇ ਪਿੜ੍ਹਾਈ ਸੀਜ਼ਨ

ਪੰਜਾਬ ਸਰਕਾਰ ਵੱਲੋਂ ਸਾਲ 2025-26 ਦੇ ਗੰਨੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ

ਚੰਡੀਗੜ੍ਹ, 01 ਜੂਨ 2026: ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸਰਕਾਰ ਦੇ ਅੰਕੜਿਆਂ ਮੁਤਾਬਕ ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

ਆਮ ਆਦਮੀ ਪਾਰਟੀ ਮੁਤਾਬਕ ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਿਤ ਕਰਕੇ ਸੂਬਾ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ।

ਸਰਕਾਰ ਮੁਤਾਬਕ ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹਜ਼ਾਰਾਂ ਕਿਸਾਨ ਪਰਿਵਾਰਾਂ ਦੀ ਇਮਦਾਦ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਆ ਰਹੀਆਂ ਹਨ। ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨ ਪੱਖੀ ਕਈ ਪਹਿਲਕਦਮੀਆਂ ਕੀਤੀਆਂ ਹਨ | ਇਨ੍ਹਾਂ ‘ਚ ਮਿਆਰੀ ਬੀਜਾਂ ਦੀ ਸਪਲਾਈ, ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ, ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕ, ਮਿੱਟੀ ਦੀ ਪਰਖ ਦੀਆਂ ਸਹੂਲਤਾਂ ਅਤੇ ਜਾਗਰੂਕਤਾ ਕੈਂਪ ਤੇ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ।

ਪੰਜਾਬ ਸਰਕਾਰ ਮੁਰਾਬਕ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਖਰੀਦੇ ਗੰਨੇ ਦੇ ਸਾਰੇ ਭੁਗਤਾਨ ਜਾਰੀ ਕੀਤੇ, ਜਿਸ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਅਤੇ ਸੂਬਾ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ‘ਚ ਉਨ੍ਹਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ।

ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈਸ ਨੋਟ ਮੁਤਾਬਕ ਪਿੰਡ ਹੁਥੀਆਂ ਦੇ ਸਰਪੰਚ ਅਤੇ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨ ਪਾਲ ਸਿੰਘ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ, “ਮੈਂ ਪਿਛਲੇ 30 ਸਾਲਾਂ ਤੋਂ ਗੰਨੇ ਦੀ ਖੇਤੀ ਕਰ ਰਿਹਾ ਹਾਂ ਅਤੇ ਇਸ ਸਮੇਂ ਮੇਰੇ ਕੋਲ 20 ਏਕੜ ਰਕਬੇ ‘ਚ ਗੰਨੇ ਦੀ ਖੇਤੀ ਹੈ। ਅਸੀਂ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਹੋਏ ਹਾਂ ਅਤੇ ਪੰਜਾਬ ਸਰਕਾਰ ਦੇ ਅਧੀਨ ਮਿੱਲ ਨੇ ਇਹ ਯਕੀਨੀ ਬਣਾਇਆ ਹੈ ਕਿ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ‘ਚ ਪਹੁੰਚ ਜਾਵੇ। ਕੁਝ ਕਿਸਾਨਾਂ ਨੂੰ 20 ਲੱਖ ਰੁਪਏ, ਕੁਝ ਨੂੰ 10 ਲੱਖ ਰੁਪਏ ਅਤੇ ਕੁਝ ਕਿਸਾਨਾਂ ਨੂੰ 15 ਲੱਖ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ‘ਚ ਮਿਲੇ ਹਨ।”

ਉਨ੍ਹਾਂ ਕਿਹਾ ਕਿ ਪਹਿਲਾਂ ਭੁਗਤਾਨ ਰਾਸ਼ੀ ਸਮੇਂ ਦੇ ਨਾਲ ਕਿਸ਼ਤਾਂ ‘ਚ ਆਉਂਦੀ ਸੀ। ਹੁਣ ਕਿਸਾਨਾਂ ਨੂੰ ਬਕਾਏ ਸਿੱਧੇ ਉਨ੍ਹਾਂ ਦੇ ਖਾਤਿਆਂ ‘ਚ ਮਿਲ ਗਏ ਹਨ, ਇਸ ਨਾਲ ਸਾਡੇ ‘ਚੋਂ ਬਹੁਤ ਸਾਰੇ ਲੋਕਾਂ ਨੂੰ ਕਣਕ ਤੇ ਝੋਨੇ ਤੋਂ ਅੱਗੇ ਵਧਣ ਅਤੇ ਗੰਨੇ ਦੀ ਖੇਤੀ ਦਾ ਵਿਸਤਾਰ ਕਰਨ ਲਈ ਉਤਸ਼ਾਹ ਮਿਲਿਆ ਹੈ।”

ਮਿੱਲ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਪਿੰਡ ਆਲੋਵਾਲ ਦੇ ਲਖਬੀਰ ਸਿੰਘ ਮੁਤਾਬਕ ਭਗਵੰਤ ਸਿੰਘ ਮਾਨ ਦੀ ਸਰਕਾਰ ‘ਚ ਫਸਲ ਦੇ ਭੁਗਤਾਨ ‘ਚ ਕਾਫ਼ੀ ਸੁਧਾਰ ਹੋਇਆ ਹੈ। ਪੂਰੀ ਅਦਾਇਗੀ ਜਾਰੀ ਕਰਨ ਦੇ ਫੈਸਲੇ ਨਾਲ ਬਟਾਲਾ ਮਿੱਲ ਨਾਲ ਜੁੜੇ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ।

ਉਨ੍ਹਾਂ ਨੇ ਕਿਹਾ, “ਜੇਕਰ ਗੰਨੇ ਦਾ ਭੁਗਤਾਨ ਇਸੇ ਤਰ੍ਹਾਂ ਹੁੰਦਾ ਰਿਹਾ ਤਾਂ ਕਿਸਾਨ ਵੱਧ ਤੋਂ ਵੱਧ ਗੰਨੇ ਦੀ ਖੇਤੀ ਕਰਨ ਅਤੇ ਮਿੱਲਾਂ ਨਾਲ ਜੁੜੇ ਰਹਿਣ ਲਈ ਬਹੁਤ ਪ੍ਰੇਰਿਤ ਹੋਣਗੇ। ਮਿੱਲ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ।”

ਮਿੱਲ ਦੇ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਲਖਬੀਰ ਸਿੰਘ ਨੇ ਕਿਹਾ, “ਮਿੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੀ ਲਗਨ ਨਾਲ ਕੰਮ ਕੀਤਾ ਹੈ ਅਤੇ ਇਸ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਿੱਲਾਂ ‘ਚੋਂ ਇੱਕ ਬਣਾਉਣ ‘ਚ ਮੱਦਦ ਕੀਤੀ ਹੈ। ਇਨ੍ਹਾਂ ਨਤੀਜਿਆਂ ਨੂੰ ਹਾਸਲ ਕਰਨ ‘ਚ ਉਨ੍ਹਾਂ ਦੇ ਯਤਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ।”

Read More: ਦਿਲ ਦੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਗੁਰਪ੍ਰੀਤ ਕੌਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਮੁਫ਼ਤ ਇਲਾਜ਼

ਵਿਦੇਸ਼

Scroll to Top