Dr. Baljit Kaur

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੰਸਥਾਵਾਂ ਨੂੰ 9.92 ਕਰੋੜ ਰੁਪਏ ਜਾਰੀ

ਚੰਡੀਗੜ੍ਹ, 30 ਦਸੰਬਰ 2024: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਤਹਿਤ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ 10+1 ਅਤੇ 10+2 ਜਮਾਤ ਦੇ ਵਿਦਿਆਰਥੀਆਂ ਲਈ ਰਾਜ ਦੀਆਂ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਜਾਰੀ ਕੀਤੇ ਹਨ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਲਾਟ ਕੀਤੇ 92.00 ਕਰੋੜ ਰੁਪਏ ‘ਚੋਂ 59.34 ਕਰੋੜ ਰੁਪਏ ਪਹਿਲਾਂ ਹੀ 256 ਅਦਾਰਿਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੀ ਅਦਾਇਗੀ ਹੋਰ ਅਦਾਰਿਆਂ ਨੂੰ ਕਰਨ ਲਈ ਯਤਨ ਤੇਜ਼ ਕੀਤੇ ਜਾ ਰਹੇ ਹਨ।

ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਕਾਦਮਿਕ ਸਾਲ 2017-18 ਤੋਂ 2019-20 ਲਈ ਫੀਸ ਭੁਗਤਾਨ (40 ਫੀਸਦੀ) ਲਈ 92.00 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ‘ਚ ਮੱਦਦ ਮਿਲੇਗੀ। ਇਸ ਦਾ ਪੰਜਾਬ ਦੇ ਸਰਕਾਰੀ ਅਦਾਰਿਆਂ ਅਤੇ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ।

ਮੰਤਰੀ ਡਾ. ਬਲਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਮਦਨ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਅਕਾਦਮਿਕ ਸਾਲ 2024-25 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 245.00 ਕਰੋੜ ਰੁਪਏ ਨਿਰਧਾਰਿਤ ਕੀਤੇ ਹਨ।

Read More: ਪੰਜਾਬ ਸਰਕਾਰ ਨੇ ਲੀਗਲ ਮੈਟਰੋਲੋਜੀ ਵਿੰਗ ਵੱਲੋਂ 18.64 ਕਰੋੜ ਰੁਪਏ ਦਾ ਮਾਲੀਆ ਕੀਤਾ ਇਕੱਠਾ: ਲਾਲ ਚੰਦ ਕਟਾਰੂਚੱਕ

Scroll to Top