June 30, 2024 5:58 am
POST MATRIC SCHOLARSHIP

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 8 ਜੂਨ 2024: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ (POST MATRIC SCHOLARSHIP) ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਿਲੀਜ਼ (POST MATRIC SCHOLARSHIP) ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।