ਚੰਡੀਗੜ੍ਹ/ਧੂਰੀ, 15 ਅਕਤੂਬਰ 2025: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ‘ਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਪੰਜਾਬ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ‘ਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਚੀਮਾ ਨੇ ਕਿਹਾ ਕਿ ਦੇਸ਼ ‘ਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਹੈ।
ਹਰਪਲ ਸਿੰਘ ਚੀਮਾ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ‘ਚ ਵੱਡੀ ਪੱਧਰ ‘ਤੇ ਫਸਲਾਂ ਖ਼ਰਾਬ ਹੋ ਗਈਆਂ ਸਨ। ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੁਕਸਾਨੇ ਹਰੇਕ ਘਰ ਨੂੰ 40 ਹਜ਼ਾਰ ਰੁਪਏ ਮਿਲਣਗੇ, ਜਦਕਿ ਪਹਿਲਾਂ ਸਿਰਫ਼ 4 ਹਜ਼ਾਰ ਰੁਪਏ ਮਿਲਦੇ ਸਨ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ 1600 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਐਲਾਨ ਕਰਕੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਾਰੀ ਕੀਤੇ 240 ਕਰੋੜ ਰੁਪਏ ਤਾਂ ਸਾਲਾਨਾ ਕਿਸ਼ਤ ਦਾ ਹਿੱਸਾ ਹਨ।
Read More: ਹੈਪੀ ਫੋਰਜਿੰਗਜ਼ ਦਾ 438 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀ ਆਟੋ ਸਪਲਾਈ ਚੇਨ ਨੂੰ ਕਰੇਗਾ ਮਜ਼ਬੂਤ: ਸੰਜੀਵ ਅਰੋੜਾ