ਚੰਡੀਗੜ੍, 23 ਜੁਲਾਈ 2025: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ ਕੁੱਲ 22.97 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸ ਸੰਬੰਧੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਚਲਾਈ ਜਾ ਰਹੀ ਅਸ਼ੀਰਵਾਦ ਯੋਜਨਾ ਤਹਿਤ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਜ਼ਿਲ੍ਹਿਆਂ ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਜਾਰੀ ਕੀਤੇ ਹਨ।
ਕੈਬਿਨਟ ਮੰਤਰੀ ਨੇ ਕਿਹਾ ਕਿ ਇਸ ਰਕਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ 1268, ਬਰਨਾਲਾ ਦੇ 107, ਫਰੀਦਕੋਟ ਦੇ 343, ਫਤਿਹਗੜ੍ਹ ਸਾਹਿਬ ਦੇ 193, ਗੁਰਦਾਸਪੁਰ ਦੇ 57, ਹੁਸ਼ਿਆਰਪੁਰ ਦੇ 668 ਲਾਭਪਾਤਰੀਆਂ ਨੂੰ ਵਿੱਤੀ ਲਾਭ ਪ੍ਰਦਾਨ ਕੀਤੇ ਹਨ।
ਇਸੇ ਤਰ੍ਹਾਂ ਮਾਨਸਾ ਦੇ 286, ਸ੍ਰੀ ਮੁਕਤਸਰ ਸਾਹਿਬ ਦੇ 255, ਪਟਿਆਲਾ ਦੇ 349, ਪਠਾਨਕੋਟ ਦੇ 55, ਰੂਪਨਗਰ ਦੇ 196, ਐਸ.ਏ.ਐਸ. ਨਗਰ ਦੇ 266, ਸੰਗਰੂਰ ਦੇ 155, ਮਲੇਰਕੋਟਲਾ ਦੇ 37 ਅਤੇ ਤਰਨਤਾਰਨ ਦੇ 268 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਦਾ ਲਾਭ ਦਿੱਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ, ਪੰਜਾਬ ਸਰਕਾਰ ਸੂਬੇ ਦੇ ਘੱਟ ਆਮਦਨ ਵਰਗ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ, ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਉਸਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ, ਉਹ ਅਨੁਸੂਚਿਤ ਜਾਤੀ, ਪੱਛੜੀ ਸ਼੍ਰੇਣੀ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਨੂੰ ਇਸ ਯੋਜਨਾ ਲਈ ਯੋਗ ਮੰਨਿਆ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਸਿੱਧੇ ਤੌਰ ‘ਤੇ ਡੀਬੀਟੀ (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੀ ਜਾਂਦੀ ਹੈ
Read More: ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ