ਚੰਡੀਗੜ੍ਹ 21 ਨਵੰਬਰ 2022: ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ (Pre-Primary students) ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ।
ਉਹਨਾਂ ਅੱਗੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।