ਚੰਡੀਗੜ੍ਹ, 11 ਅਪ੍ਰੈਲ 2026: ਪੰਜਾਬ ਸਰਕਾਰ ਵੱਲੋਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਪੰਜਾਬ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ‘ਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ‘ਚ ਮੱਦਦ ਮਿਲੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਲੋੜਵੰਦ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੱਖ ਦੇਣ ਦੀ ਇੱਕ ਮਹੱਤਵਪੂਰਨ ਕੋਸ਼ਿਸ਼ ਹੈ। ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਲਈ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਿਲ ਹੁੰਦਾ ਹੈ ਅਤੇ ਇਸ ਤਰ੍ਹਾਂ ਦੀ ਸਹਾਇਤਾ ਉਨ੍ਹਾਂ ਲਈ ਵੱਡੀ ਉਮੀਦ ਬਣਦੀ ਹੈ।
Read More: Batala News: ਬਟਾਲਾ ਪੁਲਿਸ ਨੇ ਹੈਰੋਇਨ ਤੇ ਹਥਿਆਰਾਂ ਸਮੇਤ 2 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ




