ਮੈਰਿਜ ਸਰਟੀਫਿਕੇਟ

ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ

ਚੰਡੀਗੜ੍ਹ, 13 ਅਗਸਤ 2025: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਕਈ ਭਲਾਈ ਸਕੀਮਾਂ ਨੂੰ ਸਰਲ ਅਤੇ ਵਧੇਰੇ ਪਹੁੰਚਯੋਗ ਬਣਾਇਆ ਹੈ, ਤਾਂ ਜੋ ਮਜ਼ਦੂਰ ਵਰਗ ਆਪਣੇ ਲਾਭ ਛੇਤੀ ਅਤੇ ਸੁਵਿਧਾਜਨਕ ਢੰਗ ਨਾਲ ਪ੍ਰਾਪਤ ਕਰ ਸਕੇ।

ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ ‘ਸ਼ਗਨ ਸਕੀਮ’ ਤਹਿਤ ਤਹਿਸੀਲਦਾਰ ਵੱਲੋਂ ਜਾਰੀ ਕੀਤੇ ਵਿਆਹ ਸਰਟੀਫਿਕੇਟ ਦੀ ਜ਼ਰੂਰਤ ਨੂੰ ਹੁਣ ਖਤਮ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ ਧਾਰਮਿਕ ਸਥਾਨ ‘ਤੇ ਹੋਏ ਵਿਆਹ ਦੀ ਫੋਟੋ ਅਤੇ ਦੋਵਾਂ ਪਰਿਵਾਰਾਂ ਵੱਲੋਂ ਦਿੱਤਾ ਗਿਆ ਸਵੈ-ਘੋਸ਼ਣਾ ਫਾਰਮ ਹੀ ਕਾਫ਼ੀ ਹੋਵੇਗਾ। ਇਸ ਸਕੀਮ ਤਹਿਤ ਸਰਕਾਰ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।

ਇਸਦੇ ਨਾਲ ਹੀ ਹੁਣ ਸਿਰਫ਼ ਬੱਚੇ ਦਾ ਜਨਮ ਸਰਟੀਫਿਕੇਟ ਜਮ੍ਹਾਂ ਕਰਵਾਉਣ ‘ਤੇ ਮਹਿਲਾ ਉਸਾਰੀ ਕਿਰਤੀਆਂ ਲਈ 21,000 ਰੁਪਏ ਅਤੇ ਪੁਰਸ਼ਾਂ ਲਈ 5,000 ਰੁਪਏ ਦੇ ਜਣੇਪਾ ਲਾਭ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਬੱਚੇ ਦਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਇਹ ਪੁਰਾਣੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਪੰਜਾਬ ਕਿਰਤ ਭਲਾਈ ਬੋਰਡ ‘ਚ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਵੀ ਖਤਮ ਕਰ ਦਿੱਤੀ ਹੈ ਅਤੇ ਹੁਣ ਕਿਰਤੀ ਧਾਰਮਿਕ ਸਥਾਨਾਂ ਅਤੇ ਵਿਆਹ ਕਰਵਾਉਣ ਵਾਲੀਆਂ ਧਾਰਮਿਕ ਸ਼ਖਸੀਅਤਾਂ ਦੀਆਂ ਫੋਟੋਆਂ ਜਮ੍ਹਾਂ ਕਰਵਾ ਕੇ ਸ਼ਗਨ ਸਕੀਮ ਦਾ ਲਾਭ ਲੈ ਸਕਦੇ ਹਨ।

ਕਿਰਤ ਮੰਤਰੀ ਨੇ ਦੱਸਿਆ ਕਿ ਪੰਜਾਬ ਕਿਰਤ ਭਲਾਈ ਬੋਰਡ ਨੇ ਬੱਚਿਆਂ ਲਈ ‘ਵਜ਼ੀਫ਼ਾ ਯੋਜਨਾ’ ਅਧੀਨ ਮਜ਼ਦੂਰਾਂ ਦੀ ਦੋ ਸਾਲ ਦੀ ਸੇਵਾ ਸ਼ਰਤ ਵੀ ਖਤਮ ਕਰ ਦਿੱਤੀ ਹੈ ਅਤੇ ਮਜ਼ਦੂਰ ਆਪਣਾ ਯੋਗਦਾਨ ਪਾਉਣ ਦੇ ਦਿਨ ਤੋਂ ਹੀ ਵਜ਼ੀਫ਼ਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਕੈਬਿਨਟ ਮੰਤਰੀ ਨੇ ਕਿਹਾ ਕਿ 90 ਦਿਨਾਂ ਤੋਂ ਵੱਧ ਕੰਮ ਕਰਨ ਵਾਲੇ ਮਨਰੇਗਾ ਮਜ਼ਦੂਰਾਂ ਨੂੰ ਇਮਾਰਤ ਅਤੇ ਹੋਰ ਉਸਾਰੀ ਮਜ਼ਦੂਰ ਭਲਾਈ ਬੋਰਡ ਨਾਲ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਸਬੰਧਤ ਲਾਭ ਪ੍ਰਾਪਤ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਫਰਵਰੀ 2025 ‘ਚ ਹੋਈ ਪੰਜਾਬ ਕਿਰਤ ਭਲਾਈ ਬੋਰਡ ਦੀ 55ਵੀਂ ਮੀਟਿੰਗ ਵਿੱਚ ਭਲਾਈ ਯੋਜਨਾਵਾਂ ਬਾਰੇ ਜਾਗਰੂਕਤਾ ਵਧਾਉਣ ਲਈ 1 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ।

Read More: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਹਲਕਾ ਮੇਰਾ ਪਰਿਵਾਰ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Scroll to Top