ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਪੰਜਾਬ ਸਰਕਾਰ
1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਇੱਕ ਇਤਿਹਾਸਕ ਕਦਮ
ਭਾਰਤ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਾਡੇ ਸੈਨਿਕ ਅਤੇ ਸਿਪਾਹੀ ਦਿਨ-ਰਾਤ ਸਰਹੱਦਾਂ ਅਤੇ ਅੰਦਰੂਨੀ ਸੁਰੱਖਿਆ ਮੋਰਚਿਆਂ ‘ਤੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਡਿਊਟੀ ਨਿਭਾਉਂਦੇ ਹਨ|ਜਦੋਂ ਕੋਈ ਸੈਨਿਕ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦ ਹੋ ਜਾਂਦਾ ਹੈ, ਤਾਂ ਉਸ ਦਾ ਪਰਿਵਾਰ ਇੱਕ ਅਜਿਹਾ ਘਾਟਾ ਸਹਿੰਦਾ ਹੈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ|
ਅਜਿਹੇ ਸਮੇਂ ‘ਚ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸ਼ਹੀਦ ਪਰਿਵਾਰਾਂ ਦੇ ਨਾਲ ਖੜ੍ਹੀ ਹੋਵੇ|ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਅਤੇ ਸੰਵੇਦਨਸ਼ੀਲ ਕਦਮ ਹੈ|
ਇਹ ਫੈਸਲਾ ਸਿਰਫ਼ ਇੱਕ ਆਰਥਿਕ ਸਹਾਇਤਾ ਨਹੀਂ, ਸਗੋਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਪ੍ਰਤੀ ਸਤਿਕਾਰ ਭੇਟ ਕਰਦਾ ਹੈ|ਸ਼ਹੀਦ ਦੀ ਕੁਰਬਾਨੀ ਨੂੰ ਕਿਸੇ ਵੀ ਕੀਮਤ ਨਾਲ ਨਹੀਂ ਤੋਲਿਆ ਜਾ ਸਕਦਾ, ਪਰ ਉਸ ਦੇ ਪਰਿਵਾਰ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ|
ਪੰਜਾਬ ਸਰਕਾਰ ਦਾ ਇਹ ਫੈਸਲਾ ਸ਼ਹੀਦ ਪਰਿਵਾਰਾਂ ਨੂੰ ਇਹ ਅਹਿਸਾਸ ਦਿਵਾਉਂਦਾ ਹੈ ਕਿ ਉਨ੍ਹਾਂ ਦੇ ਦੁੱਖ ‘ਚ ਪੂਰਾ ਸਮਾਜ ਅਤੇ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ|1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਨਾਲ ਪਰਿਵਾਰ ਦੀਆਂ ਆਰਥਿਕ ਲੋੜਾਂ ਨੂੰ ਕਾਫ਼ੀ ਹੱਦ ਤੱਕ ਪੂਰਾ ਕੀਤਾ ਜਾ ਸਕੇਗਾ, ਬੱਚਿਆਂ ਦੀ ਸਿੱਖਿਆ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ ਅਤੇ ਪਰਿਵਾਰ ਨੂੰ ਅਚਾਨਕ ਆਈ ਮੁਸ਼ਕਿਲ ਘੜੀ ‘ਚ ਸਹਾਰਾ ਮਿਲੇਗਾ|
ਇਹ ਸਹਾਇਤਾ ਰਾਸ਼ੀ ਆਰਮੀ, ਪੈਰਾ ਮਿਲਟਰੀ ਫੋਰਸ ਅਤੇ ਹੋਰ ਸੁਰੱਖਿਆ ਬਲਾਂ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਲਾਗੂ ਕੀਤੀ ਗਈ ਹੈ|ਇਸ ਨਾਲ ਲੋਕਾਂ ‘ਚ ਇਹ ਸੰਦੇਸ਼ ਜਾਂਦਾ ਹੈ ਕਿ ਪੰਜਾਬ ਸਰਕਾਰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਯੋਗਦਾਨ ਨੂੰ ਬਹੁਤ ਮਹੱਤਵ ਦਿੰਦੀ ਹੈ|ਜਿਹੜੇ ਸੈਨਿਕ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੰਦੇ ਹਨ| ਉਨ੍ਹਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਹਰ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ|
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹ ਭਰੋਸਾ ਦੇਣਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ, ਲੋਕਾਂ ‘ਚ ਵਿਸ਼ਵਾਸ ਪੈਦਾ ਕਰਦਾ ਹੈ|ਇਹ ਸੰਦੇਸ਼ ਸਿਰਫ਼ ਸ਼ਹੀਦ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੂਰੇ ਸਮਾਜ ਲਈ ਮਹੱਤਵਪੂਰਨ ਹੈ|
ਪੰਜਾਬ ਗੁਰੂਆਂ, ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ ਹੈ| ਇਸ ਧਰਤੀ ਨੇ ਹਮੇਸ਼ਾ ਦੇਸ਼ ਦੀ ਰੱਖਿਆ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ| ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਅਤੇ ਸੁਰੱਖਿਆ ਦੇਣ ਵਾਲੀਆਂ ਅਜਿਹੀਆਂ ਪਹਿਲਕਦਮੀਆਂ ਨਾ ਸਿਰਫ਼ ਉਨ੍ਹਾਂ ਦਾ ਮਨੋਬਲ ਵਧਾਉਂਦੀਆਂ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਵੀ ਦੇਸ਼-ਸੇਵਾ ਅਤੇ ਦੇਸ਼-ਪ੍ਰੇਮ ਦੀ ਪ੍ਰੇਰਣਾ ਦਿੰਦੀਆਂ ਹਨ|
ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਮਨੁੱਖਤਾ, ਸਨਮਾਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਭਰਪੂਰ ਹੈ|ਇਹ ਕਦਮ ਦਰਸਾਉਂਦਾ ਹੈ ਕਿ ਸਰਕਾਰ ਆਪਣੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦ ਹੀ ਨਹੀਂ ਕਰਦੀ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ|
Read More: ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਕੌਮੀ ਪੱਧਰ ‘ਤੇ ਬਣਾਈ ਪਛਾਣ




