ਸਕੂਲਾਂ ਦੇ ਵਿਦਿਆਰਥੀਆਂ ਲਈ

ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ ,ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼

ਚੰਡੀਗੜ੍ਹ ,9 ਅਗਸਤ 2021 : ਕੋਰੋਨਾ ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ |

ਇਸ ਕਰਕੇ ਕੋਵਿਡ 19 ਦੀ ਸਥਿਤੀ ਨਾਲ ਨਜਿੱਠਣ ਅਤੇ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿੰਗਲਾ ਨੇ ਨਵੇਂ ਸਿਰੇ ਤੋਂ ਹਦਾਇਤਾਂ ਜਾਰੀ ਕੀਤੀਆਂ ਹਨ। ਸਿੰਗਲਾ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਲਈ ਆਖਿਆ ਹੈ ਤਾਂ ਜੋ ਬੋਰਡ ਦੀਆਂ ਇਨ੍ਹਾਂ ਕਲਾਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਕਮਰਿਆਂ ਦੀ ਘਾਟ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖਰੇ-ਵੱਖਰੇ ਤੌਰ ’ਤੇ ਬੁਲਾਉਣ ਲਈ ਸਕੂਲ ਮੁਖੀਆਂ ਨੂੰ ਖੁੱਲ੍ਹ ਦਿੱਤੀ ਹੈ।ਕੈਬਨਿਟ ਮੰਤਰੀ ਨੇ ਨਿਰਦੇਸ਼ਾਂ ਵਿਚ ਕਿਹਾ ਹੈ ਕਿ ਨਾਨ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਦੇ ਸਬੰਧ ਵਿਚ ਕਮਰਿਆਂ ਦੀ ਉਪਲੱਬਧਤਾ ਦੇ ਅਨੁਸਾਰ ਸਕੂਲ ਮੁਖੀ ਆਪਣੇ ਹਿਸਾਬ ਨਾਲ ਫੈਸਲਾ ਲੈਣਗੇ।

ਇਸ ਸਬੰਧ ਵਿਚ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਇਕ ਕਮਰੇ ਵਿਚ 25 ਤੋਂ 30 ਵਿਦਿਆਰਥੀਆਂ ਨੂੰ ਹੀ ਢੁਕਵੀਂ ਦੂਰੀ ’ਤੇ ਬਿਠਾਇਆ ਜਾਵੇ ਅਤੇ ਇਕ ਬੈਂਚ ’ਤੇ ਸਿਰਫ ਇਕ ਵਿਦਿਆਰਥੀ ਹੀ ਬੈਠੇ। ਉਨ੍ਹਾਂ ਨੇ ਕੋਵਿਡ-19 ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਵਿਚ ਆਪਸੀ ਦੂਰੀ ਬਨਾਉਣ ਨੂੰ ਯਕੀਨੀ ਬਨਾਉਣ ਲਈ ਸਵੇਰ ਦੀ ਸਭਾ ਤੋਂ ਵੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

Scroll to Top