ਪਟਿਆਲਾ, 19 ਅਕਤੂਬਰ 2026: ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਅਲੀਸ਼ੇਰ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਮੰਤਰੀਆਂ ਨੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਕੈਬਿਨਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਹਸਪਤਾਲ ‘ਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਖਾਣ-ਪੀਣ ਦੇ ਪ੍ਰਬੰਧ ਵੀ ਕੀਤੇ ਜਾਣਗੇ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਇਲਾਜ ‘ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਹਰ ਸੰਭਵ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਜ਼ਿਕਰਯੋਗ ਹੈ ਕਿ 18 ਅਕਤੂਬਰ ਨੂੰ ਸ਼ਾਮ ਕਰੀਬ ਸਾਢੇ ਚਾਰ ਵਜੇ ਜਾਖਲ-ਲਹਿਰਾਗਾਗਾ ਸੜਕ ‘ਤੇ ਪਿੰਡ ਅਲੀਸ਼ੇਰ ਵਿਖੇ ਇਹ ਦਰਦਨਾਕ ਹਾਦਸਾ ਵਾਪਰਿਆ ਸੀ। ਉਸ ਸਮੇਂ ਮਨਰੇਗਾ ਵਰਕਰ ਸੜਕ ਕਿਨਾਰੇ ਬੂਟੇ ਲਗਾਉਣ ਅਤੇ ਸਫ਼ਾਈ ਦਾ ਕੰਮ ਕਰ ਰਹੇ ਸਨ। ਜਦੋਂ ਵਰਕਰ ਪਾਣੀ ਪੀਣ ਲਈ ਰੁਕੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ‘ਚ ਅੱਠ ਮਨਰੇਗਾ ਵਰਕਰਾਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋ ਗਏ। ਗੰਭੀਰ ਜ਼ਖ਼ਮੀ ਪੰਜ ਮਹਿਲਾ ਵਰਕਰਾਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਦਕਿ ਬਾਕੀ ਜ਼ਖ਼ਮੀਆਂ ਦਾ ਸੰਗਰੂਰ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਕੈਬਿਨਟ ਮੰਤਰੀਆਂ ਨੇ ਦੱਸਿਆ ਕਿ ਹਸਪਤਾਲ ‘ਚ ਜ਼ੇਰੇ ਇਲਾਜ ਮਰੀਜ਼ਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੰਤ ‘ਚ ਕੈਬਿਨਟ ਮੰਤਰੀਆਂ ਨੇ ਹਾਦਸੇ ‘ਚ ਜਾਨ ਗੁਆਉਣ ਵਾਲੇ ਮਨਰੇਗਾ ਵਰਕਰਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
Read More: ਲਹਿਰਾ ਸੜਕ ਹਾਦਸੇ ‘ਚ ਜ਼ਖਮੀਆਂ ਨੂੰ ਮਿਲੇ ਹਰਪਾਲ ਚੀਮਾ ਤੇ ਬਰਿੰਦਰ ਗੋਇਲ, ਮੁਆਵਜ਼ੇ ਦਾ ਐਲਾਨ




