ਖੇਡ ਮੈਦਾਨ

ਪੰਜਾਬ ਸਰਕਾਰ ਸੂਬੇ ‘ਚ ਬਣਾਏਗੀ 13000 ਅਤਿ-ਆਧੁਨਿਕ ਖੇਡ ਮੈਦਾਨ

ਚੰਡੀਗੜ੍ਹ, 20 ਅਗਸਤ 2025: ਪੰਜਾਬ ਸਰਕਾਰ ਨੇ ਸੂਬੇ ‘ਚ 13,000 ਅਤਿ-ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ ਤਾਂ ਜੋ ਉਭਰਦੇ ਖਿਡਾਰੀ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ‘ਚ ਹਿੱਸਾ ਲੈ ਸਕਣ। ਇਸ ਸੰਬੰਧੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ‘ਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ।

ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਓਵਰਆਲ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਖ਼ਾਸ ਧਿਆਨ ਦਿੱਤਾ ਹੈ।

ਕੈਬਿਨੇਟ ਮੰਤਰੀ ਦਾ ਕਹਿਣਾ ਹੈ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਦਕਾ ਪੰਜਾਬ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ ਅਤੇ ਖੇਡ ਮੈਦਾਨਾਂ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਨੌਜਵਾਨ ਨਸ਼ਿਆਂ ਦੀ ਲਾਹਨਤ ਦਾ ਸਦਾ ਲਈ ਤਿਆਗ ਕਰ ਦੇਣਗੇ।

ਪੰਜਾਬ ਪੰਚਾਇਤ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ, ਜਿਸਦੇ ਸਕਾਰਾਤਮਕ ਨਤੀਜੇ ਪਹਿਲਾਂ ਹੀ ਸਾਹਮਣੇ ਆ ਚੁੱਕੇ ਹਨ।

Read More: ਪਟਿਆਲਾ ਵਿਖੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਛੱਪੜਾਂ ਦੀ ਸਫਾਈ ਤੇ ਖੇਡ ਮੈਦਾਨਾਂ ਦੇ ਨਵੀਨੀਕਰਨ ਦਾ ਨਿਰੀਖਣ

Scroll to Top