ਸ੍ਰੀ ਗੁਰੂ ਤੇਗ ਬਹਾਦਰ ਜੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਏਗੀ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 18 ਅਗਸਤ 2025: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ‘ਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਸੰਬੰਧੀ ਲਤੇ ਫੈਸਲੇ ਤਹਿਤ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖ਼ਸ਼ੀਅਤਾਂ ਨਾਲ ਬੈਠਕਾਂ ਮੁਕੰਮਲ ਕਰ ਲਈਆਂ ਹਨ।

ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕਾਂ ਕੀਤੀਆਂ ਹਨ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 350ਵਾਂ ਸ਼ਹੀਦੀ ਦਿਹਾੜਾ 19 ਨਵੰਬਰ ਤੋਂ 25 ਨਵੰਬਰ 2025 ਤੱਕ ਸੂਬਾ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ `ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ `ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ‘ਚ ਹੋਰ ਕੀਤੇ ਨਹੀਂ ਮਿਲਦੀ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਰੇ ਪਵਿੱਤਰ ਅਸਥਾਨਾਂ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ `ਤੇ ਕੀਤਾ ਜਾਵੇਗਾ। ਇਸ ਮੌਕੇ 4 ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ | ਵਿਰਾਸਤ-ਏ-ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ‘ਚ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ।

Read More: ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ

Scroll to Top