ਚੰਡੀਗੜ੍ਹ, 19 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ 505 ਮਿੰਨੀ ਬੱਸ ਪਰਮਿਟ ਸੌਂਪੇ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹੋਰ ਸਬੰਧਤ ਖੇਤਰਾਂ ਸਮੇਤ ਪੂਰੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਬੱਸਾਂ ਦੀ ਘਾਟ ਕਾਰਨ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਹੁਣ ਪੰਜਾਬ ਸਰਕਾਰ ਨੇ ਵਿਦਿਆਰਥਣਾਂ ਲਈ ਸਕੂਲ ਬੱਸਾਂ ਸ਼ੁਰੂ ਕੀਤੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 19000 ਕਿਲੋਮੀਟਰ ਪੇਂਡੂ ਸੜਕਾਂ ਸਮੇਤ ਕੁੱਲ 43000 ਕਿਲੋਮੀਟਰ ਸੜਕਾਂ ਦੀ ਰੀਕਾਰਪੈਟਿੰਗ ਦਾ ਕੰਮ 5 ਸਾਲਾਂ ਲਈ ਸੜਕਾਂ ਦੀ ਸਾਂਭ-ਸੰਭਾਲ ਦੀ ਸ਼ਰਤ ਨਾਲ ਅਲਾਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 58000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਬੱਸ ਪਰਮਿਟ ਸਿਰਫ਼ ਸੱਤਾਧਾਰੀ ਲੋਕਾਂ ਦੇ ਨੇੜਲੇ ਲੋਕਾਂ ਨੂੰ ਜਾਰੀ ਕੀਤੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ‘ਚ ਸਥਾਨਕ ਇਕਾਈਆਂ ਦੀਆਂ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਹੋਈਆਂ ਅਤੇ ਕੁਝ ਉਮੀਦਵਾਰਾਂ ਨੇ ਦੋ ਜਾਂ ਤਿੰਨ ਵੋਟਾਂ ਦੇ ਫਰਕ ਨਾਲ ਸੀਟਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਲਈ 1311 ਨਵੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕੀਤਾ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਟਿਆਲਾ, ਜਲੰਧਰ, ਸੰਗਰੂਰ, ਲੁਧਿਆਣਾ ਅਤੇ ਬਠਿੰਡਾ ਦੇ ਬੱਸ ਅੱਡਿਆਂ ਨੂੰ ਅਤਿ- ਆਧੁਨਿਕ ਸਹੂਲਤਾਂ ਨਾਲ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਬਹੁਤ ਛੇਤੀ ਅਸੀਂ ਫੋਨਾਂ ਤੋਂ ਬੱਸ ਟਿਕਟਾਂ ਬੁੱਕ ਕਰਨ ਲਈ ਨਵੀਂ ਐਪ ਸ਼ੁਰੂ ਕਰਾਂਗੇ। ਪੰਜਾਬ ‘ਚ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ |
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 17 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਪੰਜਾਬੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨਵੇਂ ਨਿਯਮ ਬਣਾ ਕੇ ਮਨਰੇਗਾ ਨੂੰ ਬੰਦ ਕਰਨਾ ਚਾਹੁੰਦੀ ਹੈ ਅਤੇ ਸੂਬਾ ਸਰਕਾਰਾਂ ‘ਤੇ ਵਿੱਤੀ ਬੋਝ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕਰਨ ਲਈ ਜਨਵਰੀ ‘ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ।
Read More: ਪੰਜਾਬ ਸਰਕਾਰ ਨੇ ਚੰਡੀਗੜ੍ਹ ‘ਚ 505 ਮਿੰਨੀ ਬੱਸਾਂ ਨੂੰ ਪਰਮਿਟ ਵੰਡੇ, 1300 ਨਵੀਆਂ ਬੱਸਾਂ ਸ਼ੁਰੂ ਕਰਨ ਦਾ ਐਲਾਨ




