Drugs In Punjab

ਨਸ਼ਿਆਂ ਦੀ ਲਾਹਣਤ ਨੂੰ ਖਤਮ ਕਰਨ ਪੰਜਾਬ ਸਰਕਾਰ ਤਿਆਰ ਕਰੇਗੀ ਪ੍ਰਭਾਵੀ ਰਣਨੀਤੀ, ਮਾਹਰਾਂ ਨਾਲ ਕੀਤੀ ਚਰਚਾ

ਚੰਡੀਗੜ੍ਹ, 20 ਫਰਵਰੀ 2025: ਪੰਜਾਬ ‘ਚ ਨਸ਼ਿਆਂ (Drugs) ਦੀ ਲਾਹਣਤ ਨਾਲ ਨਜਿੱਠਣ ਲਈ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਬੀਤੇ ਦਿਨ ਨੂੰ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਰਾਂ ਨਾਲ ਸਲਾਹ-ਮਸ਼ਵਰਾ ਕੀਤਾ ਹੈ |

ਮੰਤਰੀ ਡਾ. ਬਲਬੀਰ ਸਿੰਘ ਨੇ ‘ਪੰਜਾਬ ਦੀ ਤੰਦਰੁਸਤੀ ਯਾਤਰਾ: ਵਿਦ ਸਾਈਕੋਲਾਜੀਕਲ ਵੈਲ ਬੀਇੰਗ’ ਵਿਸ਼ੇ ‘ਤੇ ਮਾਹਰਾਂ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਸਰਕਾਰ ਦੁਆਰਾ ਅਪਣਾਈ ਗਈ ਮਾਨਸਿਕ ਸਿਹਤ ਅਤੇ ਤੰਦਰੁਸਤੀ ‘ਤੇ ਕੇਂਦ੍ਰਿਤ ਵਿਆਪਕ ਰਣਨੀਤੀ ਦੇ ਹਿੱਸੇ ਵਜੋਂ ਨਸ਼ਿਆਂ (Drugs) ਦੀ ਲਾਹਣਤ ਨਾਲ ਲੜਨ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਬੈਠਕ ਦਾ ਮੁੱਖ ਉਦੇਸ਼ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ‘ਚ ਨਸ਼ਿਆਂ ਦੇ ਖ਼ਤਰੇ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਤਿਆਰ ਕਰਨਾ ਸੀ।

ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਹੁ-ਆਯਾਮੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਅਪਣਾਉਣ ਨੂੰ ਤਰਜੀਹ ਦੇ ਰਹੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ, ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਕ ਤੰਦਰੁਸਤੀ ਮਜ਼ਬੂਤ ​​ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ, ਕਿਸਾਨਾਂ, ਹਾਲ ਹੀ ‘ਚ ਪਰਵਾਸ ਕਰਨ ਵਾਲੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਨੋਵਿਗਿਆਨਕ ਸਿਹਤ ‘ਤੇ ਕੇਂਦ੍ਰਿਤ ਕਾਊਂਸਲਿੰਗ ਦਿੱਤੀ ਜਾਵੇਗੀ, ਤਾਂ ਜੋ ਭਵਿੱਖ ‘ਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਰੁਝਾਨ ਨੂੰ ਰੋਕਿਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਨਸ਼ਿਆਂ ਦੀ ਸਪਲਾਈ ਨੂੰ ਕੰਟਰੋਲ ਕਰਨ ‘ਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ | ਡਾ. ਬਲਬੀਰ ਸਿੰਘ ਨੇ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਮੁੜ ਵਸੇਬੇ ਦੇ ਪ੍ਰਬੰਧਾਂ (ਧਾਰਾ 64-ਏ ਅਧੀਨ) ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਧਾਰਮਿਕ ਸੰਗਠਨਾਂ ਦੇ ਸਹਿਯੋਗ ਨਾਲ 4-5 ਨਵੇਂ ਪੁਨਰਵਾਸ ਕੇਂਦਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਇਨ੍ਹਾਂ ਸੰਗਠਨਾਂ ਦੇ ਸਹਿਯੋਗ ਨਾਲ ‘ਕਮਿਊਨਿਟੀ ਸਪੋਰਟ ਗਰੁੱਪ’ ਬਣਾਏਗੀ।

ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਆਦੀ ਲੋਕਾਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਸਮਾਜ ਵੱਲੋਂ ਇਨ੍ਹਾਂ ਚੁਣੌਤੀਆਂ ਨੂੰ ਦੂਰ ਕਰਨ ਲਈ ਉਨ੍ਹਾਂ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਕੰਟਰੋਲ ਕਰਨ ਲਈ ਲਿਆਂਦੀ ਇਹ ਨਵੀਂ ਨੀਤੀ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਲੜਾਈ ‘ਚ ਪੰਜਾਬ ਨੂੰ ਇੱਕ ਮਾਡਲ ਸੂਬੇ ਵਜੋਂ ਸਥਾਪਿਤ ਕਰੇਗੀ।

ਇਸ ਸਬੰਧ ‘ਚ ਮਾਨਸਿਕ ਸਿਹਤ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਲਈ ਚਾਰ ਪੈਨਲ ਚਰਚਾਵਾਂ ਕੀਤੀਆਂ ਜਿਨ੍ਹਾਂ ‘ਚ ਪੰਜਾਬ ‘ਚ ਨਸ਼ਾ ਛੁਡਾਊ ਪ੍ਰੋਗਰਾਮ – ਕੀ ਸੁਧਾਰ ਕਰਨ ਦੀ ਲੋੜ ਹੈ?
ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਇਲਾਜ ਦੇ ਹਿੱਸੇ ਵਜੋਂ ਹੁਨਰ ਵਿਕਾਸ, ਪੰਜਾਬ ਮਾਨਸਿਕ ਸਿਹਤ ਨੀਤੀ (ਖਰੜੇ ‘ਤੇ ਚਰਚਾ) ਅਤੇ ਤਣਾਅ ਪ੍ਰਬੰਧਨ ਅਤੇ ਖੁਦਕੁਸ਼ੀ ਰੋਕਥਾਮ ਸ਼ਾਮਲ ਹਨ।

Read More: ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਚਲਾਈ ਨਵੀਂ ਮੁਹਿੰਮ, ਜਾਰੀ ਕੀਤਾ ਹੈਲਪਲਾਈਨ ਨੰਬਰ

Scroll to Top