Anganwadi

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦੇਵੇਗੀ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਆਂਗਣਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਨੂੰ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਸਮਾਰਟ ਫੋਨ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਹ ਆਪਣੇ ਰੋਜ਼ਾਨਾ ਦੇ ਕੰਮ ਹੋਰ ਸੁਚਾਰੂ ਅਤੇ ਆਧੁਨਿਕ ਤਰੀਕੇ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਰਹੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰ ਰਹੀ ਹੈ।

ਪੰਜਾਬ ਭਵਨ ਵਿਖੇ ਆਂਗਣਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਨਾਲ ਬੈਠਕ ਦੌਰਾਨ ਡਾ. ਬਲਜੀਤ ਕੌਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਵਿਭਾਗ ਪੱਧਰ ‘ਤੇ ਜਿਨ੍ਹਾਂ ਮੰਗਾਂ ਦਾ ਹੱਲ ਤੁਰੰਤ ਹੋ ਸਕਦਾ ਹੈ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਗਾਂ ਦਾ ਹੱਲ ਪੰਜਾਬ ਸਰਕਾਰ ਦੇ ਪੱਧਰ ‘ਤੇ ਫੈਸਲਾ ਲੈ ਕੇ ਕੀਤਾ ਜਾ ਸਕਦਾ ਹੈ, ਉਨ੍ਹਾਂ ਲਈ ਵਿਭਾਗ ਵੱਲੋਂ ਇੱਕ ਪੂਰਾ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਜਾਵੇਗਾ ਤਾਂ ਜੋ ਅਗਲੇ ਪੱਧਰ ‘ਤੇ ਵੀ ਛੇਤੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ, ਸਮਾਰਟ ਫੋਨਾਂ ਦੀ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਫ਼ੋਨ ਸਰਕਾਰੀ ਯੋਜਨਾਵਾਂ ਨੂੰ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਜੋੜ ਕੇ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ‘ਚ ਮਦਦਗਾਰ ਸਾਬਤ ਹੋਣਗੇ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੀ ਸਿਹਤ ਸੰਭਾਲ ਵੱਲ ਵੀ ਬਰਾਬਰ ਧਿਆਨ ਦੇ ਰਹੀ ਹੈ। ਇਸ ਸੰਦਰਭ ‘ਚ, ਵਿਭਾਗ ਨੇ ਪਹਿਲਾਂ ਹੀ ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਲਈ eKYC ਕਰਵਾਉਣ ਲਈ ਇੱਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜੋ ਕਿ ਉਨ੍ਹਾਂ ਨੂੰ ਸਿਹਤ ਸੁਰੱਖਿਆ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

Read More: ਵਿਸ਼ੇਸ਼ ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਤੇਆਂਗਣਵਾੜੀ ਸਹਾਇਕਾਂ ਨੂੰ ਆਯੁਸ਼ਮਾਨ ਕਾਰਡ ਕੀਤੇ ਗਏ ਜਾਰੀ: ਬਲਜੀਤ ਕੌਰ

Scroll to Top