July 7, 2024 1:42 pm
ਅਮਨ-ਕਾਨੂੰਨ

ਪੰਜਾਬ ਸਰਕਾਰ ਅਮਨ-ਕਾਨੂੰਨ ਨੂੰ ਲੈ ਕੇ ਗੰਭੀਰ, ਪੁਰਾਣੇ ਹਥਿਆਰਾਂ ਦੀ ਕੀਤੀ ਜਾਵੇਗੀ ਜਾਂਚ: ਭਗਵੰਤ ਮਾਨ

ਲੁਧਿਆਣਾ 16 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ ਅਤੇ ਪੁਰਾਣੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਲਗਾਤਾਰ ਘਟਨਾਵਾਂ ਦਾ ਕਾਰਨ ਬਣ ਰਹੇ ਹਨ। ਇਸ ਤੋਂ ਇਲਾਵਾ ਬੰਦੂਕ ਸੱਭਿਆਚਾਰ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਬੰਦੂਕਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਲਈ ਕੁਰਬਾਨੀ ਦਿੱਤੀ। ਉਹ ਅੱਜ ਸ਼ਰਧਾਂਜਲੀ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਪੁੱਜੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਿਆ ਹੈ ਅਤੇ ਇਸ ਨੂੰ ਵੀ ਜਲਦ ਚਾਲੂ ਕੀਤਾ ਜਾਵੇਗਾ | ਜਿਸ ਸਬੰਧੀ ਕੇਂਦਰ ਸਰਕਾਰ ਨਾਲ ਤਾਲਮੇਲ ਹੋ ਚੁੱਕਾ ਹੈ | ਇਸ ਦੌਰਾਨ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕੱਟੜਪੰਥੀ ਆਗੂ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾਣ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਮਜੀਠੀਆ ਵਰਗੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦੇ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ।