ਚੰਡੀਗੜ੍ਹ, 04 ਦਸੰਬਰ 2024: ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ (Online NRI Milni) ਕਰਵਾਉਣ ਦਾ ਫੈਸਲਾ ਲਈ ਹੈ | ਇਸ ਸੰਬੰਧੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ |
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਮਹੀਨੇ ਦੇ ਪਹਿਲੇ ਹਫ਼ਤੇ ‘ਆਨਲਾਈਨ ਐਨ.ਆਰ.ਆਈ ਮਿਲਣੀ’ (Online NRI Milni) ਕਰਵਾਈ ਜਾਵੇਗੀ | ਪੰਜਾਬ ਸਰਕਾਰ ਮੁਤਾਬਕ ਆਨਲਾਈਨ ਐਨ.ਆਰ.ਆਈ ਮਿਲਣੀ ਅਗਲੇ ਸਾਲ 6 ਜਨਵਰੀ ਨੂੰ ਹੋਣ ਜਾ ਰਹੀ ਹੈ |
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਵਾਸੀ ਪੰਜਾਬੀਆਂ ਦੀਆਂ ਪ੍ਰਾਪਤ ਹੋਈਆਂ 85 ਸ਼ਿਕਾਇਤਾਂ ਸਬੰਧੀ ਸਬੰਧਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ ।
ਕੈਬਿਨਟ ਮੰਤਰੀ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ‘ਚ ਸੁਣਵਾਈ ਅਧੀਨ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀਆਂ ਪਹਿਲਾਂ ਹੀ ਬਣਾਈਆਂ ਜਾ ਚੁੱਕੀਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਨ।