ਚੰਡੀਗੜ੍ਹ, 2 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ (floods) ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ।
ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਵੱਲੋਂ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ।
ਡਿਪਟੀ ਕਮਿਸ਼ਨਰ ਇਹ ਵੀ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਅਸਲ ਨੁਕਸਾਨ ਵਾਲੀ ਥਾਂ ਉਤੇ ਜਾ ਕੇ ਮੌਕੇ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਖੁਦ ਫੀਲਡ ਦਾ ਦੌਰਾ ਕਰਨ। ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਜ਼ਿਲਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ।
ਅਨੁਰਾਗ ਵਰਮਾ ਨੇ ਕਿਹਾ ਕਿ ਹੜ੍ਹਾਂ (floods) ਕਾਰਨ ਨੁਕਸਾਨਗ੍ਰਸਤ ਹੋਈ ਝੋਨੇ ਦੀ ਫਸਲ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਮੁਫਤ ਪਨੀਰੀ ਦਿੱਤੀ ਜਾ ਰਹੀ ਹੈ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿੱਥੇ ਕਿਤੇ ਵੀ ਪਨੀਰੀ ਦੀ ਉਪਲੱਬਧਤਾ ਵਿੱਚ ਦਿੱਕਤ ਆਉਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫਸਰ ਹਨ। ਉਨ੍ਹਾਂ ਸਾਰੇ ਜ਼ਿਲਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀਆਂ ਪ੍ਰਗਤੀ ਰਿਪੋਰਟਾਂ ਰੋਜ਼ਾਨਾ ਹੈਡਕੁਆਟਰ ਉਤੇ ਭੇਜਣ ਨੂੰ ਕਿਹਾ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।