ਚੰਡੀਗੜ੍ਹ, 6 ਜੁਲਾਈ 2023: ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ (Arvind Khanna) ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਕੇਂਦਰੀ ਫੰਡਾਂ ਦੀ ਦੁਰਵਰਤੋਂ ਨਹੀਂ ਕਰ ਸਕੇਗੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਵਜੋਂ ਅਹਿਮ ਭੂਮਿਕਾ ਨਿਭਾਏਗੀ। ਖੰਨਾ ਨੇ ਕਿਹਾ ਕਿ ਭਾਜਪਾ ਪੰਜਾਬੀਆਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰੇਗੀ।
ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰ ਵੱਲੋਂ ਦਲਿਤਾਂ ਦੀ ਭਲਾਈ ਲਈ ਅਤੇ ਸਿਹਤ ਮਿਸ਼ਨ ਤਹਿਤ ਮਿਲਦੇ ਫੰਡਾਂ ਨੂੰ ਲਾਭਪਾਤਰੀਆਂ ਤੱਕ ਸਹੀ ਢੰਗ ਨਾਲ ਪੁੱਜਦਾ ਕਰਨ ਲਈ ਭਾਜਪਾ ਆਪਣੀ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮਿਲਦੇ ਫੰਡਾਂ ਵਿੱਚ ਆਪ ਸਰਕਾਰ ਵੱਡੇ ਪੱਧਰ ਤੇ ਘਪਲੇ ਕਰ ਰਹੀ ਸੀ, ਜਿਸ ਨੂੰ ਲੈ ਕੇ ਕਾਂਗਰਸ ਨੇ ਵਿਰੋਧੀ ਧਿਰ ਵਜੋਂ ਆਪਣੀ ਬਣਦੀ ਭੂਮਿਕਾ ਨਹੀਂ ਨਿਭਾਈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਹੁਣ ਆਪਣੀਆਂ ਜਿੰਮੇਵਾਰੀਆਂ ਨੂੰ ਸਫ਼ਲਤਾ ਨਾਲ ਨਿਭਾਏਗੀ।