ਚੰਡੀਗੜ੍ਹ, 16 ਦਸੰਬਰ 2024: Rangla Punjab Festival: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਕਰਵਾਏਗੀ |
ਮੁੱਖ ਮੰਤਰੀ ਮਾਨ ਨੇ ਸੈਰ ਸਪਾਟਾ ਵਿਭਾਗ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦਾ ਵਿਕਾਸ ਯਕੀਨੀ ਬਣਾਇਆ ਜਾਵੇਗਾ | ਮੁੱਖ ਮੰਤਰੀ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਸ਼ਹੀਦੀ ਦਿਹਾੜੇ ਲਈ ਵਿਸਤ੍ਰਿਤ ਪ੍ਰੋਗਰਾਮ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਾਨਵਤਾਵਾਦੀ ਅਤੇ ਧਰਮ ਨਿਰਪੱਖ ਕਦਰਾਂ ਕੀਮਤਾਂ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ‘ਚ ਅਦੁੱਤੀ ਅਤੇ ਬੇਮਿਸਾਲ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਦੇਸ਼ ‘ਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ।
ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਮਾਨ ਨੇ ਫਰਵਰੀ ‘ਚ “ਰੰਗਲਾ ਪੰਜਾਬ ਫੈਸਟੀਵਲ” (Rangla Punjab Festival) ਕਰਵਾਉਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਟੀਵਲ ਦਾ ਉਦੇਸ਼ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਸਥਾਨ ਵਜੋਂ ਪੇਸ਼ ਕਰਨਾ ਹੈ। ਪੰਜਾਬ ਕੋਲ ਸੁੰਦਰ ਥਾਵਾਂ ਦੇ ਨਾਲ-ਨਾਲ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਸਾ ਹੈ, ਜੋ ਵਿਸ਼ਵ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਸੁਝਾਅ ਦਿੱਤਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਅਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ‘ਚ ਬਣਾਏ ਜਾਣ, ਜਿਨ੍ਹਾਂ ‘ਚ ਹਾਲ, ਹੋਟਲ, ਸ਼ਾਪਿੰਗ ਮਾਲ ਅਤੇ ਹੋਰ ਥਾਵਾਂ ਹੋਣਗੀਆਂ |
ਮੁੱਖ ਮੰਤਰੀ ਮਾਨ ਨੇ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਸੂਬੇ ਦੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਵਿਕਸਤ ਕਰਨ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਆਦਰਸ਼ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।
Read More: Delhi Election: ਦਿੱਲੀ ਵਿਧਾਨ ਸਭਾ ਚੋਣਾਂ ਲਈ ਸਪਾ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ