ਚੰਡੀਗੜ੍ਹ, 25 ਦਸੰਬਰ 2024: Ponds in Punjab: ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਸਸ਼ਕਤੀਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਨਵੀਆਂ ਮਲਟੀਪਰਪਜ਼ ਪ੍ਰਾਇਮਰੀ ਐਗਰੀਕਲਚਰਲ ਕੋ-ਆਪਰੇਟਿਵ ਸੋਸਾਇਟੀਆਂ (M-PACS) ਦੀ ਸਥਾਪਨਾ ਰਾਹੀਂ ਮੱਛੀ ਪਾਲਣ ਦੇ ਖੇਤਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪੰਜਾਬ ਭਵਨ ਵਿਖੇ ਹੋਈ ‘ਸਹਿਕਾਰੀ ਸੰਮੇਲਨ ਪੰਜਾਬ’ ਦੌਰਾਨ ਅਲੋਕ ਸ਼ੇਖਰ ਨੇ ਡੇਅਰੀ ਅਧਾਰਿਤ ਸਹਿਕਾਰੀ ਸਭਾਵਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਸੂਬੇ ‘ਚ ਤਾਲਾਬਾਂ ਦੇ ਵਿਆਪਕ ਨੈੱਟਵਰਕ ਨੂੰ ਮੁੜ ਸੁਰਜੀਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਹ ਕਾਨਫਰੰਸ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਸਥਾਪਨਾ ਲਈ ਦੇਸ਼ ਵਿਆਪੀ ਪਹਿਲਕਦਮੀ ਦਾ ਹਿੱਸਾ ਸੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਲਗਭਗ 13,000 ਪਿੰਡ ਹਨ, ਜਿਨ੍ਹਾਂ ‘ਚ 18,000 ਦੇ ਕਰੀਬ ਛੱਪੜ (Ponds in Punjab) ਹਨ, ਜਿਨ੍ਹਾਂ ‘ਚ ਮੱਛੀ ਪਾਲਣ ਦੀ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ ਕਈ ਛੱਪੜ ਸਮੇਂ ਦੇ ਨਾਲ ਸੁੱਕ ਚੁੱਕੇ ਹਨ, ਜਿਨ੍ਹਾਂ ਨੂੰ ਮੁੜ ਸੁਰਜੀਤ ਕਰਨ ਲਈ ਤੁਰੰਤ ਉਪਰਾਲੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਨਾਲ ਨਾ ਸਿਰਫ਼ ਮੱਛੀ ਪਾਲਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਸਗੋਂ ਪੇਂਡੂ ਖੇਤਰਾਂ ‘ਚ ਧਰਤੀ ਹੇਠਲੇ ਪਾਣੀ ਦੇ ਪੱਧਰ ਅਤੇ ਵਾਤਾਵਰਨ ਦੇ ਸੰਤੁਲਨ ਨੂੰ ਬਣਾਈ ਰੱਖਣ ‘ਚ ਵੀ ਯੋਗਦਾਨ ਮਿਲੇਗਾ।
ਸ਼ੇਖਰ ਨੇ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (PACS) ਨੂੰ ਉਤਸ਼ਾਹਿਤ ਕਰਨ ਅਤੇ ਨਵੀਆਂ ਬਹੁ-ਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਸਥਾਪਨਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀਆਂ ਮੱਛੀ ਫਾਰਮ ਸਥਾਪਤ ਕਰਨ, ਉਤਪਾਦਾਂ ਦੇ ਮੰਡੀਕਰਨ ਅਤੇ ਕਿਸਾਨਾਂ ਨੂੰ ਲਾਹੇਵੰਦ ਭਾਅ ਯਕੀਨੀ ਬਣਾਉਣ ‘ਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਿਸਾਨ ਨੁਮਾਇੰਦੇ ਦੇ ਸੁਝਾਅ ਦਾ ਸਵਾਗਤ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਅਤੇ ਹੋਰ ਹਿੱਸੇਦਾਰਾਂ ਨਾਲ ਅਜਿਹੇ ਸੈਸ਼ਨ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫੀਡਬੈਕ ਪ੍ਰਣਾਲੀ ਨੂੰ ਮਜ਼ਬੂਤ ਕਰਨ, ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਵਿਚਾਰ-ਵਟਾਂਦਰੇ ਰਾਹੀਂ ਨਵੀਨਤਾਕਾਰੀ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰੇਗਾ।
ਇਸ ਮੰਤਵ ਲਈ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੇਤੀਬਾੜੀ ਸਹਿਕਾਰਤਾਵਾਂ ਦੇ ਵਿਕਾਸ ਲਈ ਮਜ਼ਬੂਤ ਅਤੇ ਸੰਪੂਰਨ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਜਾਰੀ ਰੱਖਣ।
ਇਸ ਤੋਂ ਪਹਿਲਾਂ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ ਨੇ ਪੰਜਾਬ ‘ਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਮੋਹਰੀ ਯਤਨਾਂ ਬਾਰੇ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨਾਲ ਪੰਜਾਬ ਦੀ ਸਹਿਕਾਰਤਾ ਲਹਿਰ ‘ਤੇ ਪਰਿਵਰਤਨਕਾਰੀ ਪ੍ਰਭਾਵ ਪੈਣ ਦੀ ਉਮੀਦ ਹੈ, ਜਿਸ ਨਾਲ ਸਹਿਕਾਰੀ ਸਭਾਵਾਂ ਪੇਂਡੂ ਵਿਕਾਸ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਦੇ ਆਰਥਿਕ ਵਿਕਾਸ ‘ਚ ਯੋਗਦਾਨ ਪਾਉਣ ਲਈ ਵਧੇਰੇ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਦੇ ਯੋਗ ਬਣ ਸਕਦੀਆਂ ਹਨ।
Read More: Punjab Tourism: ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਸੈਰ-ਸਪਾਟੇ ਦੇ ਵਿਕਾਸ ਲਈ ਕੀਤੇ ਇਹ ਅਹਿਮ ਕਾਰਜ