Site icon TheUnmute.com

ਪੰਜਾਬ ਸਰਕਾਰ 3381 ਈਟੀਟੀ ਅਧਿਆਪਕਾਂ ਨੂੰ ਜਲਦ ਦੇਵੇਗੀ ਨਿਯੁਕਤੀ ਪੱਤਰ

ETT teachers

ਚੰਡੀਗੜ੍ਹ, 21 ਫਰਵਰੀ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ (ਈ.ਟੀ.ਟੀ.) (3381 ETT teachers) ਨੂੰ ਰੈਗੂਲਰ ਨਿਯੁਕਤੀ ਪੱਤਰ ਦੇਵੇਗੀ। ਇਹ ਫੈਸਲਾ ਅੱਜ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਬੈਠਕ ਦੌਰਾਨ ਲਿਆ ਗਿਆ ਹੈ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤੀ ਹੈ।

ਇਸ ਮੌਕੇ ਸਿੱਖਿਆ ਵਿਭਾਗ ਦੀ ਸਮੀਖਿਆ ਬੈਠਕ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ 3381 ਈ.ਟੀ.ਟੀ. ਅਧਿਆਪਕਾਂ (3381 ETT teachers) ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਭਰਤੀ 951 ਅਤੇ 2430 ਅਧਿਆਪਕਾਂ ਦੇ ਦੋ ਬੈਚਾਂ ‘ਚ ਮੁਕੰਮਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ‘ਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ‘ਚ ਆਉਣ ਦੇ 35 ਮਹੀਨਿਆਂ ਦੇ ਅੰਦਰ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ 11,000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ‘ਚ ਦਿੱਤੀਆਂ ਹਨ, ਜਿਸਨੂੰ ਪੰਜਾਬ ਸਰਕਾਰ ਦਾ ਤਰਜੀਹੀ ਖੇਤਰ ਮੰਨਿਆ ਜਾਂਦਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਸਿਫਾਰਸ਼ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਨ੍ਹਾਂ ਮੁੱਖ ਜਨਤਕ ਮਹੱਤਵ ਵਾਲੇ ਖੇਤਰਾਂ ਨੂੰ ਢੁਕਵਾਂ ਹੁਲਾਰਾ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨੌਕਰੀਆਂ ਇੱਕ ਪਾਸੇ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਨੂੰ ਮਜ਼ਬੂਤ ​​ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਸਥਾਈ ਰੁਜ਼ਗਾਰ ਪ੍ਰਦਾਨ ਕਰਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਿੱਖਿਆ ਸਕੱਤਰ ਕੇ.ਕੇ. ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Read More: ਮਿਸ਼ਨ ਰੋਜ਼ਗਾਰ ਤਹਿਤ ਪਿਛਲੇ 35 ਮਹੀਨਿਆਂ ‘ਚ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: CM ਭਗਵੰਤ ਮਾਨ

Exit mobile version