ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ 2024: ਪੰਜਾਬ ਦੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਮਲੋਟ ‘ਚ ਚੁਣੇ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਨਾਲ ਗੱਲਬਾਤ ਕਰਦਿਆਂ ਪਿੰਡਾਂ ‘ਚ ਨਸ਼ਾਖੋਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ |
ਡਾ. ਬਲਜੀਤ ਕੌਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਸਰਕਾਰ ਦਾ ਸਾਥ ਦੇਣਾ ਸਾਰਿਆਂ ਦਾ ਅਹਿਮ ਫਰਜ਼ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦਾ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਰੂਰ ਦਿੱਤੀ ਜਾਵੇ, ਤਾਂ ਜੋ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ |
ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦਾ ਬਿਲਕੁਲ ਵੀ ਸਾਥ ਨਾ ਦਿੱਤਾ ਜਾਵੇ ਅਤੇ ਸਮਾਜ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਈ ਜਾਵੇ। ਸਰਕਾਰ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਨਸ਼ਾ ਪੀੜਤਾਂ ਦਾ ਸਰਕਾਰੀ ਹਸਪਤਾਲਾਂ ‘ਚ ਇਲਾਜ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਇਲਾਜ ਵੀ ਮੁਫ਼ਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਮਲੋਟ ਵਿਧਾਨ ਸਭਾ ਹਲਕੇ ਦੇ ਸਮੂਹ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਨੇ ਨਸ਼ਿਆਂ ਵਿਰੁੱਧ ਮਤਾ ਪਾਇਆ ਅਤੇ ਸੂਬਾ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਪਿੰਡਾਂ ‘ਚ ਨਸ਼ਿਆਂ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ। ਡਾ: ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ੇ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਬਚ ਸਕੇ |
Read More: PPSC: ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ