ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ (War Jagir) ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ ਬਣਦਾ ਹੈ।
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ।
ਇਥੇ ਜਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।