July 7, 2024 12:45 pm
Scrapping Policy

ਪੰਜਾਬ ਸਰਕਾਰ ਵਲੋਂ ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦਾ ਫੈਸਲਾ

ਚੰਡੀਗੜ੍ਹ 06 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਲਏ, ਇਨ੍ਹਾਂ ਵਿੱਚ ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ (Scrapping Policy) ਦੇ ਸੰਦਰਭ ਵਿਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ। ਇਸ ਦੇ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ।

ਵਾਤਾਵਰਣ ਪੱਖੀ ਫੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਦੇ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ।

ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ।