ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਲੱਖਾਂ ਲੋਕਾਂ ਦਾ ਬਣੀ ਸਹਾਰਾ
ਹਰ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
ਗੰਭੀਰ ਬਿਮਾਰੀ ਅਕਸਰ ਮਰੀਜ਼ ਦੇ ਪੂਰੇ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਤਬਾਹ ਕਰ ਦਿੰਦੀ ਹਨ। ਲੋਕਾਂ ਦੀ ਇਸ ਸਮੱਸਿਆ ਨੂੰ ਸਮਝਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸੂਬੇ ‘ਚ ਇਸ ਸਥਿਤੀ ਨੂੰ ਬਦਲ ਦਿੱਤਾ ਹੈ। ਇਹ ਯੋਜਨਾ ਸੂਬੇ ਦੇ ਲੱਖਾਂ ਪਰਿਵਾਰਾਂ ਲਈ ਮਹਿੰਗੇ ਡਾਕਟਰੀ ਇਲਾਜ ਦੇ ਖਰਚਿਆਂ ਦੇ ਬੋਝ ਨੂੰ ਖਤਮ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ।
ਅਕਸਰ ਹੀ ਕਈ ਲੋਕ ਆਰਥਿਕ ਤੰਗੀਆਂ ਕਾਰਨ ਆਪਣੇ ਪਰਿਵਾਰ ਦੇ ਜੀਆਂ ਦਾ ਇਲਾਜ ਨਹੀਂ ਕਰਵਾ ਪਾਉਂਦੇ, ਕਿਉਂਕਿ ਇਲਾਜ ਲਈ ਹਸਪਤਾਲਾਂ ਦੀਆਂ ਮਹਿੰਗੀਆਂ ਫੀਸਾਂ ਭਰਨਾ ਆਸਾਨ ਨਹੀਂ। ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮੁਫ਼ਤ ਇਲਾਜ ਦੀ ਸਹੂਲਤ ਦੇ ਕੇ ਇਨ੍ਹਾਂ ਪਰਿਵਾਰਾਂ ਦੀ ਬਾਂਹ ਫੜ੍ਹੀ ਹੈ। ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਉਦੇਸ਼ ਸਪੱਸ਼ਟ ਹੈ ਕਿ ਸੂਬੇ ਦੇ ਲੋਕ ਬਿਨਾਂ ਕਿਸੇ ਖਰਚੇ ਦੀ ਚਿੰਤਾ ਕੀਤੇ ਪੂਰੀ ਤਰ੍ਹਾਂ ਮੁਫ਼ਤ ਇਲਾਜ ਕਰਵਾ ਸਕਣ।
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬੇ ਦੇ ਹਰ ਯੋਗ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਹੁਣ ਤੱਕ ਸੂਬੇ ਭਰ ‘ਚ 54.20 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸਤੋਂ ਇਲਾਵਾ ਸਰਕਾਰ ਨੇ 1.26 ਕਰੋੜ ਤੋਂ ਵੱਧ ਸਿਹਤ ਬੀਮਾ ਕਾਰਡਾਂ ਦੀ ਵੰਡ ਸ਼ੁਰੂ ਕਰ ਦਿੱਤੀ ਹੈ।
ਸਰਕਾਰ ਇਸ ਸਿਹਤ ਯੋਜਨਾ ਤਹਿਤ ਡਾਇਲਸਿਸ, ਦਿਲ ਦੇ ਇਲਾਜ, ਕੈਂਸਰ ਦੇ ਇਲਾਜ, ਗੋਡੇ ਬਦਲਣ, ਮੋਤੀਆਬਿੰਦ ਦੀ ਸਰਜਰੀ, ਜਣੇਪੇ ਸੰਬੰਧੀ, ਆਰਥੋਪੈਡਿਕ, ਟਰਾਂਸਪਲਾਂਟ ਸੇਵਾਵਾਂ ਅਤੇ ਹੋਰ ਗੰਭੀਰ ਸਰਜਰੀਆਂ ਲਈ ਪੂਰੀ ਤਰ੍ਹਾਂ ਮੁਫ਼ਤ ਇਲਾਜ ਮੁਹੱਈਆ ਕਰਵਾ ਰਹੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਭਰ ਦੇ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ‘ਚ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲ ਰਿਹਾ ਹੈ। ਇਸ ਯੋਜਨਾ ਤਹਿਤ 2,356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਹਨ।
‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਪੰਜਾਬ ਦਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਣਾ ਲਾਜ਼ਮੀ ਹੈ। ਕੋਈ ਵੀ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਸਰਕਾਰੀ ਹਸਪਤਾਲਾਂ ‘ਚ ਇਸ ਯੋਜਨਾ ਦਾ ਕਾਰਡ ਬਣਵਾ ਸਕਦਾ ਹੈ।ਇਸਤੋਂ ਇਲਾਵਾ ਸੂਬੇ ਭਰ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਮੁਫ਼ਤ ਕੈਂਪਾਂ ਰਾਹੀਂ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਯੋਗ ਪਰਿਵਾਰਾਂ ਤੱਕ ਸਿਹਤ ਕਾਰਡ ਸਿੱਧੇ ਪਹੁੰਚਾ ਰਹੀ ਹੈ, ਸਿਹਤ ਮਿੱਤਰ ਅਤੇ ਆਸ਼ਾ ਵਰਕਰਾਂ ਵੱਲੋਂ ਇਹ ਕਾਰਡ ਘਰ-ਘਰ ਜਾ ਕੇ ਵੰਡੇ ਜਾ ਰਹੇ ਹਨ, ਤਾਂ ਜੋ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵਾਂਝਾ ਨਾ ਰਹੇ।
ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਸਾਲ 2026-27 ‘ਚ 2,000 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ‘ਚ ਕੋਈ ਵੀ ਪਰਿਵਾਰ ਆਰਥਿਕ ਤੰਗੀਆਂ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦਾ ਮਕਸਦ ਹਰ ਨਾਗਰਿਕ ਨੂੰ ਸਿਹਤਮੰਦ ਰੱਖਣਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਾ ਹੈ।
Read More: 118 ਸਕੂਲ ਆਫ਼ ਐਮੀਨੈਂਸ ਨੇ ਪੰਜਾਬ ‘ਚ ਸਿੱਖਿਆ ਦੀ ਬਦਲੀ ਤਸਵੀਰ




