July 2, 2024 6:55 pm
Sri Fatehgarh Sahib

ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਫ਼ਤਿਹਗੜ੍ਹ ਸਾਹਿਬ 28 ਦਸੰਬਰ 2022: ਸਾਹਿਬ-ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜ਼ਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ‘ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ।