July 5, 2024 1:00 am
Banwari Lal Purohit

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲ੍ਹਿਆਂ ‘ਚ ਸਰਪੰਚਾਂ ਨਾਲ ਕਰਨਗੇ ਮੀਟਿੰਗਾਂ

ਚੰਡੀਗੜ੍ਹ 25 ਜਨਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਜਲਦ ਹੀ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕਰਨਗੇ। ਪਾਕਿਸਤਾਨ ਤੋਂ ਡਰੋਨ ਅਤੇ ਨਸ਼ੀਲੇ ਪਦਾਰਥ ਭੇਜਣ ਦੀਆਂ ਵਧਦੀਆਂ ਗਤੀਵਿਧੀਆਂ ਦੇ ਵਿਚਕਾਰ ਪੰਜਾਬ ਦੇ ਰਾਜਪਾਲ ਦੀ ਇਸ ਯਾਤਰਾ ਨੂੰ ਸੁਰੱਖਿਆ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਪੰਜਾਬ ਰਾਜ ਭਵਨ ਨੇ ਬਨਵਾਰੀ ਲਾਲ ਪੁਰੋਹਿਤ (Banwari Lal Purohit) ਦੇ ਇਸ ਦੋ ਰੋਜ਼ਾ ਦੌਰੇ ਸਬੰਧੀ ਪੂਰੇ ਵੇਰਵੇ ਸੂਬਾ ਸਰਕਾਰ ਨੂੰ ਭੇਜ ਦਿੱਤੇ ਹਨ। ਇਹ ਦੌਰਾ 1 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਰਾਜਪਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕਰਨਗੇ। 2 ਫਰਵਰੀ ਨੂੰ ਰਾਜਪਾਲ ਫਿਰੋਜ਼ਪੁਰ ਵਿਖੇ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਪੁਲਿਸ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ। ਇਸ ਬੈਠਕ ‘ਚ ਪਾਕਿਸਤਾਨ ਤੋਂ ਡਰੋਨ, ਡਰੱਗਜ਼ ਅਤੇ ਹਥਿਆਰਾਂ ਦੀ ਸਪਲਾਈ ਦੀਆਂ ਵਧਦੀਆਂ ਘਟਨਾਵਾਂ ‘ਤੇ ਚਰਚਾ ਕੀਤੀ ਜਾਵੇਗੀ।

ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਘੁਸਪੈਠ ਲਗਾਤਾਰ ਵਧ ਰਹੀ ਹੈ, ਜੋ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਹੈ। ਇਸ ਵਧਦੀ ਘੁਸਪੈਠ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਨੇ ਸਰਹੱਦ ‘ਤੇ ਐਂਟੀ ਡਰੋਨ ਸਿਸਟਮ ਨੂੰ ਮਜ਼ਬੂਤ ​​ਕਰਨ ਦੇ ਵੀ ਸੰਕੇਤ ਦਿੱਤੇ ਹਨ। ਰਾਜਪਾਲ ਸਰਪੰਚਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਮਿਲ ਕੇ ਜ਼ਮੀਨੀ ਹਕੀਕਤ ਜਾਣਨਗੇ ਤਾਂ ਜੋ ਪਾਕਿਸਤਾਨ ਵਾਲੇ ਪਾਸੇ ਤੋਂ ਹੋ ਰਹੀਆਂ ਗਤੀਵਿਧੀਆਂ ਨੂੰ ਨੱਥ ਪਾਈ ਜਾ ਸਕੇ।