ਚੰਡੀਗੜ੍ਹ. 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ (Punjab cabinet) ਨੇ ਸਾਲ 2024-25 ਲਈ ਆਬਕਾਰੀ ਨੀਤੀ (New Excise Policy) ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਇਸ ਸਰਕਾਰ ਦੀ ਤੀਜੀ ਨੀਤੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਦੇ ਮਾਲੀਏ ਦੀ ਉਗਹਾਰੀ ਦਾ ਟੀਚਾ 10,000 ਕਰੋੜ ਰੁਪਏ ਨੂੰ ਪਾਰ ਕਰਨ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਆਬਕਾਰੀ ਮਾਲੀਏ ਤੋਂ ਉਗਰਾਹੀ ਮਹਿਜ਼ 6151 ਕਰੋੜ ਰੁਪਏ ਸੀ। ਨਵੀਂ ਨੀਤੀ (New Excise Policy) ਵਿੱਚ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੀ ਵਿਵਸਥਾ ਕੀਤੀ ਗਈ ਹੈ, ਜਿਸ ਮੁਤਾਬਕ ਇਸ ਵਾਰ 172 ਗਰੁੱਪਾਂ ਦੀ ਬਜਾਏ 232 ਗਰੁੱਪ ਬਣਾਏ ਗਏ ਹਨ।
ਮੰਤਰੀ ਮੰਡਲ ਨੇ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਦੇ ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ, ਜੰਗੀ ਵਿਧਵਾਵਾਂ ਅਤੇ ਹੋਰਾਂ ਤੱਕ ਰਾਸ਼ਨ ਪਹੁੰਚਾਉਣ ਸੁਖਾਲਾ ਹੋ ਜਾਵੇਗਾ। ਇਹ ਪ੍ਰੋਜੈਕਟ ਗੁਣਵੱਤਾ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਉਂਦਾ ਹੈ। ਲਗਭਗ 30 ਲੱਖ ਲਾਭਪਾਤਰੀਆਂ ਕੋਲ ਐਫ.ਐਸ.ਐਸ.ਏ.ਆਈ. ਦੁਆਰਾ ਨਿਰਧਾਰਿਤ ਗੁਣਵੱਤਾ ਦੀਆਂ ਵਿਸ਼ੇਸ਼ਤਾਵਾਂ ਦੀ ਪਾਲਣਾ ਕਰਦੇ ਹੋਏ 45 ਦਿਨਾਂ ਤੱਕ ਵਰਤੋਂ ਵਿੱਚ ਆਉਣ ਵਾਲਾ ਪੈਕ ਹੋਇਆ ਆਟਾ ਪ੍ਰਾਪਤ ਕਰਨ ਦਾ ਬਦਲ ਹੋਵੇਗਾ। ਇਹ ਲਾਭਪਾਤਰੀਆਂ ਦੇ ਸਮੇਂ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ। ਇਸ ਤੋਂ ਇਲਾਵਾ ਘੱਟ-ਤੋਲਣ ਵਰਗੀਆਂ ਬੇਨਿਯਮੀਆਂ ਨੂੰ ਨੱਥ ਪਾਉਣ ਦੇ ਨਾਲ-ਨਾਲ ਚੋਰ-ਮੋਰੀਆਂ ਵੀ ਬੰਦ ਕਰੇਗਾ।