ਚੰਡੀਗੜ੍ਹ, 23 ਜਨਵਰੀ 2026: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਅਸ਼ੀਰਵਾਦ ਸਕੀਮ ਤਹਿਤ ਇਹ ਸਹਾਇਤਾ ਇਨ੍ਹਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਹੈ।”
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਫਾਜ਼ਿਲਕਾ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਨੇ ਕਿਹਾ, “ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਹੈ।”
ਡਾ. ਬਲਜੀਤ ਕੌਰ ਨੇ ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਫ਼ਰੀਦਕੋਟ ਦੇ 19,ਫਾਜ਼ਿਲਕਾ ਦੇ 723, ਫਿਰੋਜ਼ਪੁਰ ਦੇ 45, ਸ੍ਰੀ ਫਤਿਹਗੜ੍ਹ ਸਾਹਿਬ ਦੇ 83 ਗੁਰਦਾਸਪੁਰ ਦੇ 291, ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਹੈ।
ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ।
ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਪਰਿਵਾਰਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਸਕੀਮ ਤਹਿਤ ਵਿੱਤੀ ਸਹਾਇਤਾ ਦੇ ਲਾਭ ਡੀ. ਬੀ. ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਸਿੱਧੀ ਟ੍ਰਾਂਸਫਰ ਕੀਤੇ ਜਾਂਦੇ ਹਨ ਤਾਂ ਜੋ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ।
Read More: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ




