SYL issue

ਦਿੱਲੀ ਵਿਖੇ SYL ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ

ਚੰਡੀਗੜ੍ਹ 04 ਜਨਵਰੀ 2023: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ ’ਤੇ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਐਸ.ਵਾਈ.ਐਲ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੇਂਦਰੀ ਮੰਤਰੀ ਦੀ ਅਗਵਾਈ ‘ਚ ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ |

ਦੱਸ ਦੇਈਏ ਕਿ ਐਸਵਾਈਐਲ (SYL) ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਚੱਲ ਰਹੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਬੈਠ ਕੇ ਮਸਲੇ ਦਾ ਹੱਲ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਪਿਛਲੇ ਸਾਲ 14 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ ਸੀ, ਪਰ ਇਸ ਮੀਟਿੰਗ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਸੀ |

ਪੰਜਾਬ ਅਤੇ ਹਰਿਆਣਾ ਦਰਮਿਆਨ 42 ਸਾਲ ਪਹਿਲਾਂ 1981 ਵਿੱਚ ਐਸਵਾਈਐਲ ਸਮਝੌਤਾ ਹੋਇਆ ਸੀ। ਪਰ ਜਦੋਂ ਉਸ ਅਨੁਸਾਰ ਕੰਮ ਸਮੇਂ ਸਿਰ ਨਾ ਹੋਇਆ ਤਾਂ ਦੋਵਾਂ ਰਾਜਾਂ ਵਿਚਾਲੇ ਵਿਵਾਦ ਵਧ ਗਿਆ। ਦੋਵਾਂ ਸੂਬਿਆਂ ਨੂੰ ਐਸਵਾਈਐਲ ਦੇ ਮੁੱਦੇ ‘ਤੇ 19 ਜਨਵਰੀ ਨੂੰ ਅਦਾਲਤ ‘ਚ ਜਵਾਬ ਦਾਖ਼ਲ ਕਰਨਾ ਹੈ। ਇਸੇ ਲਈ ਅੱਜ ਇਹ ਵਿਚੋਲਗੀ ਮੀਟਿੰਗ ਸੱਦੀ ਗਈ ਸੀ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਅਕਤੂਬਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ ਸੀ। ਪਰ ਭਗਵੰਤ ਮਾਨ ਨੇ ਇਹ ਕਹਿ ਕੇ ਨਹਿਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਕਿ ਪੰਜਾਬ ਵਿੱਚ ਪਾਣੀ ਨਹੀਂ ਹੈ।

Scroll to Top