ਚੰਡੀਗੜ੍ਹ, 03 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ| ਉਨ੍ਹਾਂ ਕਿਹਾ ਪੰਜਾਬ ‘ਚ ਪਹਿਲੀ ਵਾਰ 4 ਸਾਲਾਂ ‘ਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ‘ਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਸ਼ਾਮਲ ਹਨ।
ਮੁੱਖ ਮੰਤਰੀ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਭਗਵੰਤ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਕਾਬਲੀਅਤ ਤੇ ਯੋਗਤਾ ਦੀ ਕਦਰ ਨਹੀਂ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਨੌਕਰੀਆਂ ਵੰਡੀਆਂ। ਇਨ੍ਹਾਂ ਸਰਕਾਰਾਂ ਨੇ ਯੋਗਤਾ ਹੋਣ ਦੇ ਬਾਵਜੂਦ ਨੌਕਰੀ ਦੀ ਉਡੀਕ ‘ਚ ਭਟਕਦੇ ਨੌਜਵਾਨਾਂ ਦਾ ਦੁੱਖ-ਦਰਦ ਨਹੀਂ ਸਮਝਿਆ। ਅਸੀਂ 4 ਸਾਲਾਂ ‘ਚ ਪੰਜਾਬ ਦੇ ਹਰੇਕ ਪਿੰਡ, ਸ਼ਹਿਰ ਤੇ ਕਸਬੇ ਦੇ ਨੌਜਵਾਨ ਨੂੰ ਕਾਬਲੀਅਤ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਦਿੱਤੀ |
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਐਜੂਕੇਟਰ ਟੀਚਰਾਂ ਦਾ ਵੱਖਰਾ ਕਾਡਰ ਬਣਾਇਆ ਹੈ, ਇਸ ਤਹਿਤ ਅੱਜ 385 ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨਵੇਂ ਹੁਨਰ ਸਿੱਖਣ ਲਈ ਵੱਡਾ ਲਾਭ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਵਿਸ਼ੇਸ਼ ਲੋੜਾਂ ਵਾਲੇ ਤਕਰੀਬਨ 48000 ਬੱਚੇ ਪੜ੍ਹ ਰਹੇ ਹਨ।
ਇਸਦੇ ਨਾਲ ਹੀ ਨਵ-ਨਿਯੁਕਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਚੰਗੇ ਭਵਿੱਖ ਦੀ ਡੋਰ ਅਧਿਆਪਕ ਦੇ ਹੱਥ ਹੁੰਦੀ ਹੈ ਅਤੇ ਇਕ ਅਧਿਆਪਕ ਦਾ ਫਰਜ਼ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਣਾ ਹੁੰਦਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਹਨ। ਉਨ੍ਹਾਂ ਕਿਹਾ ਕਿ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ‘ਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ, 249 ਮੁੱਖ ਅਧਿਆਪਕਾਂ ਨੇ ਆਈ.ਆਈ.ਐਮ. ਅਹਿਮਦਾਬਾਦ ‘ਚ ਐਡਵਾਂਸਡ ਕੋਚਿੰਗ ਪ੍ਰਾਪਤ ਕੀਤੀ ਹੈ ਅਤੇ 216 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ‘ਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਲੜਕੀਆਂ ਲਈ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਹੈ |
ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ‘ਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਇਕ ਵੀ ਸਰਕਾਰੀ ਸਕੂਲ ਅਜਿਹਾ ਨਹੀਂ, ਜਿੱਥੇ ਕੋਈ ਬੱਚਾ ਜ਼ਮੀਨ ’ਤੇ ਬੈਠ ਕੇ ਤਾਲੀਮ ਹਾਸਲ ਕਰਦਾ ਹੋਵੇ। ਸਾਲ 2022 ‘ਚ ਸਰਕਾਰੀ ਸਕੂਲਾਂ ਦੇ 28 ਲੱਖ ਬੱਚਿਆਂ ‘ਚੋਂ ਚਾਰ ਲੱਖ ਬੱਚੇ ਜ਼ਮੀਨ ’ਤੇ ਬੈਠ ਕੇ ਪੜ੍ਹਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਲਈ ਬੱਸਾਂ ਦੀ ਸਹੂਲਤ ਪ੍ਰਦਾਨ ਕੀਤੀ ਅਤੇ 10,000 ਵਿਦਿਆਰਥਣਾਂ ਸਫਰ ਕਰਦੀਆਂ ਹਨ।
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਸਕੂਲਾਂ ਦੀ ਸੁਰੱਖਿਆ ਲਈ ਸਾਬਕਾ ਫੌਜੀ ਸਕਿਉਰਟੀ ਗਾਰਡ ਵਜੋਂ ਭਰਤੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲ ਨਿਯੁਕਤ ਕੀਤੇ ਜਾ ਚੁੱਕੇ ਹਨ। ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਨੂੰ ਵਿਆਪਕ ਪੱਧਰ ਉਤੇ ਮਨਾਉਣ ਅਤੇ ਸ਼ਹੀਦੀ ਸਭਾ ਮੌਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ।
Read More: CM ਭਗਵੰਤ ਮਾਨ ਨੇ ਸਿੱਖਿਆ ਵਿਭਾਗ ‘ਚ ਨਵ-ਨਿਯੁਕਤ 606 ਮੁਲਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ




