ਚੰਡੀਗੜ੍ਹ, 19 ਅਕਤੂਬਰ 2024: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੰਜਾਬ ‘ਚ ਸਨਅਤ ਫੋਕਲ ਪੁਆਇੰਟਾਂ ਨੂੰ ਅਪਗ੍ਰੇਡ ਕਰਨ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ ਹੈ | ਇਸ ਮੌਕੇ ਦੋਵਾਂ ਕੈਬਿਨਟ ਮੰਤਰੀਆਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਪੰਜਾਬ ਭਰ ‘ਚ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ ।
ਇਸਦੇ ਨਾਲ ਹੀ ਅਧਿਕਾਰੀ ਸ਼ਹਿਰੀ ਸਥਾਨਕ ਇਕਾਈਆਂ ਦੇ ਚੱਲ ਰਹੇ ਕੰਮਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਸਨਅਤਕਾਰ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਹਨ |
ਮੰਤਰੀਆਂ ਨੇ ਹਦਾਇਤ ਕੀਤੀ ਕਿ ਸਾਰੇ ਨਗਰ ਨਿਗਮ ਕਮਿਸ਼ਨਰ ਸਬੰਧਤ ਸਨਅਤ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਸਨਅਤ ਐਸੋਸੀਏਸ਼ਨਾਂ ਦੀ ਸੂਚੀ/ਵੇਰਵੇ ਮੰਤਰੀਆਂ ਨਾਲ ਸਾਂਝੇ ਕੀਤੇ ਜਾਣ ਤਾਂ ਜੋ ਉਨ੍ਹਾਂ ਦੀਆਂ ਮੰਗਾਂ/ਸੁਝਾਵਾਂ/ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾ ਸਕੇ।
ਇਸਦੇ ਨਾਲ ਹੀ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੋਕਲ ਪੁਆਇੰਟਾਂ ਅਨੁਸਾਰ ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਸੂਚੀ ਤਿਆਰ ਕਰਨ, ਲਾਈਟਾਂ ਦੀ ਕੁੱਲ ਗਿਣਤੀ, ਚਾਲੂ ਅਤੇ ਖ਼ਰਾਬ ਸਟਰੀਟ ਲਾਈਟਾਂ ਦੀ ਗਿਣਤੀ ਅਤੇ ਲੋੜੀਂਦੇ ਫੰਡਾਂ ਸਮੇਤ ਨਵੇਂ ਪ੍ਰਸਤਾਵਿਤ ਕੰਮਾਂ ਦੇ ਵੇਰਵੇ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਹਨ ।
ਇਸ ਦੌਰਾਨ ਮੰਤਰੀਆਂ ਨੇ ਕਿਹਾ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਮਿਉਂਸਪਲ ਕਾਰਪੋਰੇਸ਼ਨਾਂ ਦੇ ਓ ਐਂਡ ਐਮ ਵਿੰਗਾਂ ਨੂੰ ਤਾਇਨਾਤ ਕਰਨਗੀਆਂ ਤਾਂ ਜੋ ਸਾਰੇ ਸਨਅਤ ਫੋਕਲ ਪੁਆਇੰਟਾਂ/ਅਸਟੇਟਾਂ ‘ਚ ਸਫਾਈ ਦੇ ਨਾਲ-ਨਾਲ ਸੀਵਰੇਜ ਪ੍ਰਣਾਲੀਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰੀ ਸਥਾਨਕ ਇਕਾਈਆਂ ਦੇ ਸਬੰਧਤ ਵਿੰਗਾਂ ਵੱਲੋਂ ਨਾਜਾਇਜ਼ ਕਬਜ਼ਿਆਂ (illegal encroachments) ਨੂੰ ਹਟਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੰਮਾਂ ਦੀ ਨਿਰੰਤਰ ਨਿਗਰਾਨੀ ਰੱਖਣ ਲਈ ਰਿਪੋਰਟ ਭੇਜੀ ਜਾਵੇ ।




