ਉਜਾਲਾ ਨਰਸਰੀ

ਪੰਜਾਬ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ‘ਚ “ਉਜਾਲਾ ਨਰਸਰੀ” ਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪਟਿਆਲਾ, 24 ਅਪ੍ਰੈਲ 2026: ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕੀਤਾ ਅਤੇ ਜੇਲ੍ਹ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮੌਕੇ ਡਾ. ਰਵਜੋਤ ਸਿੰਘ ਨੇ “ਉਜਾਲਾ ਨਰਸਰੀ” ਅਤੇ ਨਵੀਂ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਉਦੇਸ਼ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ‘ਚ ਸ਼ਾਮਲ ਕਰਨਾ ਹੈ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਦੇ ਬਿਹਤਰ ਮੌਕੇ ਪ੍ਰਦਾਨ ਕਰੇਗੀ, ਜਿਸ ਨਾਲ ਉਹ ਆਪਣੇ ਜੀਵਨ ‘ਚ ਸਕਾਰਾਤਮਕ ਬਦਲਾਅ ਲਿਆ ਸਕਣਗੇ।

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਕੇਂਦਰਾਂ ‘ਚ ਬਦਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣਾ ਸਰਕਾਰ ਦੀ ਇੱਕ ਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ‘ਚ ਜੇਲ੍ਹ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਆਪਣੇ ਦੌਰੇ ਦੌਰਾਨ, ਮੰਤਰੀ ਨੇ ਜੇਲ੍ਹ ਹਸਪਤਾਲ, ਬੈਰਕਾਂ ਅਤੇ ਕਾਮਨ ਮੈਨ ਕਲੀਨਿਕ ਸਮੇਤ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀ ਸਿਹਤ, ਸਿੱਖਿਆ ਅਤੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਦੁਆਰਾ ਚਲਾਇਆ ਜਾਣ ਵਾਲਾ ਪੈਟਰੋਲ ਪੰਪ ਕੈਦੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ, ਜੋ ਉਨ੍ਹਾਂ ਦੇ ਹੁਨਰ ਵਿਕਾਸ ਅਤੇ ਪੁਨਰਵਾਸ ‘ਚ ਮੱਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਸਿਰਫ਼ ਸਜ਼ਾਵਾਂ ਦੇਣ ਵਾਲੀਆਂ ਥਾਵਾਂ ਨਹੀਂ ਹਨ, ਸਗੋਂ ਸੁਧਾਰ ਅਤੇ ਇੱਕ ਨਵੀਂ ਸ਼ੁਰੂਆਤ ਦੇ ਕੇਂਦਰ ਹਨ। ਉਨ੍ਹਾਂ ਜੇਲ੍ਹ ‘ਚ ਸਫਾਈ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਚੱਲ ਰਹੀਆਂ ਭਲਾਈ ਗਤੀਵਿਧੀਆਂ ਦੀ ਸ਼ਲਾਘਾ ਕੀਤੀ।

Read More: MP ਰਾਜਾ ਵੜਿੰਗ ਦਾ ਦਾਅਵਾ, ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ 50 ‘ਆਪ’ ਵਿਧਾਇਕ

ਵਿਦੇਸ਼

Scroll to Top