ਮਾਨਸਾ, 16 ਅਗਸਤ 2025: ਦੇਸ਼ ਦਾ 79ਵਾਂ ਆਜ਼ਾਦੀ ਦਿਵਸ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਤੇ ਸਲਾਮੀ ਲਈ।
ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਮਾਸਿਕ ਪੈਨਸ਼ਨ 9,400 ਰੁਪਏ ਤੋਂ ਵਧਾ ਕੇ 11,000 ਰੁਪਏ ਕਰ ਦਿੱਤੀ ਗਈ ਹੈ। ਸ਼ਹੀਦ ਸੈਨਿਕਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਕਮ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੜ੍ਹਕ ਸੁਰੱਖਿਆ ਫੋਰਸ ਨੇ 10 ਮਿੰਟ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ ਕਰੀਬ 35 ਹਜ਼ਾਰ ਸੜ੍ਹਕੀ ਹਾਦਸਿਆਂ ‘ਚ ਮੱਦਦ ਕੀਤੀ | ਇਸਦੇ ਨਾਲ ਹੀ 15,406 ਲੋਕਾਂ ਨੂੰ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ 19,162 ਜ਼ਖਮੀਆਂ ਨੂੰ ਹਸਪਤਾਲਾਂ ‘ਚ ਲਿਜਾਇਆ ਗਿਆ।
ਪੰਜਾਬ ‘ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ, 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ‘ਚ ਬਦਲਿਆ ਜਾ ਰਿਹਾ ਹੈ ਅਤੇ 115 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਸ਼ਖਸੀਅਤਾਂ ਦੇ ਨਾਮ ‘ਤੇ ਰੱਖੇ ਗਏ ਹਨ। 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਪੂਰੇ ਕੀਤੇ ਹਨ।
ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 25 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਅਤੇ ਤਸਕਰਾਂ ਦੇ ਘਰ ਢਾਹ ਦਿੱਤੇ ਗਏ, ਜਿਸ ਤੋਂ ਇਹ ਸਪੱਸ਼ਟ ਹੋ ਗਿਆ ਕਿ ਪੰਜਾਬ ‘ਚ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ। ਅਤਿ-ਆਧੁਨਿਕ ਪ੍ਰਣਾਲੀ ਤਹਿਤ ਜੇਲ੍ਹਾਂ ‘ਚ ਨਵੇਂ ਐਕਸ-ਰੇ ਬੈਗੇਜ ਸਕੈਨਰ, ਸੀਸੀਟੀਵੀ ਕੈਮਰੇ ਅਤੇ ਜੈਮਿੰਗ ਸਿਸਟਮ ਲਗਾਏ ਗਏ ਹਨ।
Read More: ਪੰਜਾਬੀਆਂ ਨੇ ਆਜ਼ਾਦੀ ਸੰਗਰਾਮ ‘ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਹਰਪਾਲ ਸਿੰਘ ਚੀਮਾ