ਚੰਡੀਗੜ੍ਹ, 27 ਅਕਤੂਬਰ 2026: ਵਿਧਾਨ ਸਭਾ ਦੇ ਆਖਰੀ ਦਿਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ‘ਚ ਇੱਕ ਮਤਾ ਪੇਸ਼ ਕੀਤਾ, ਇਸ ਮਤੇ ‘ਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।
ਇਸ ਮਤੇ ‘ਚ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ, ਸੇਵਾ, ਭਾਈਚਾਰੇ ਅਤੇ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।”
ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ‘ਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮਤੇ ‘ਚ ਕੇਂਦਰ ਸਰਕਾਰ ਨੂੰ ਸੰਗਤਾਂ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ।
Read More: CM ਭਗਵੰਤ ਮਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਮੰਗ, SYL ‘ਤੇ ਦਿੱਤਾ ਇਹ ਬਿਆਨ




