ਜਲੰਧਰ,17 ਮਈ 2023: ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਜਿਸ ਵਿਚ ਪੰਜਾਬ ਵਜ਼ਾਰਤ ਨੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 1966 ਨੂੰ ਰੱਦ ਕਰਨ ਅਤੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਦੇ ਖਰੜੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਇਸ ਫੈਸਲੇ ਨਾਲ ਨਵੇਂ ਪਟਵਾਰੀ ਆਪਣੇ ਪਰਖ ਕਾਲ ਦੌਰਾਨ ਹੀ ਆਪਣੀ ਸਿਖਲਾਈ ਪੂਰੀ ਕਰਨ ਦੇ ਯੋਗ ਹੋਣਗੇ। ਨਵੇਂ ਨਿਯਮਾਂ ਮੁਤਾਬਕ ਪਟਵਾਰੀਆਂ ਲਈ ਪਹਿਲਾਂ ਚਲਦਾ ਸਿਖਲਾਈ ਦਾ ਡੇਢ ਸਾਲ ਦਾ ਸਮਾਂ, ਜਿਸ ਵਿੱਚ ਇਕ ਸਾਲ ਦੀ ਪਟਵਾਰ ਸਕੂਲ ਸਿਖਲਾਈ ਤੇ ਛੇ ਮਹੀਨੇ ਦੀ ਫੀਲਡ ਸਿਖਲਾਈ ਹੁੰਦੀ ਸੀ, ਨੂੰ ਹੁਣ ਘਟਾ ਕੇ ਇਕ ਸਾਲ ਕਰ ਦਿੱਤਾ ਗਿਆ ਹੈ। ਇਸ ਤਹਿਤ ਹੁਣ ਨੌਂ ਮਹੀਨਿਆਂ ਦੀ ਪਟਵਾਰ ਸਕੂਲ ਸਿਖਲਾਈ ਅਤੇ ਤਿੰਨ ਮਹੀਨਿਆਂ ਦੀ ਫੀਲਡ ਸਿਖਲਾਈ ਹੋਵੇਗੀ।