ਚੰਡੀਗੜ੍ਹ, 18 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ | ਪੰਜਾਬ ਪੁਲਿਸ (Punjab Police) ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇਕਰ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ ਸੱਤ ਦਿਨਾਂ ਦੇ ਅੰਦਰ ਕੁਰਕ ਕੀਤੀ ਜਾਵੇਗੀ। ਜੇਕਰ ਕੋਈ ਵੀ ਪੁਲਿਸ ਮੁਲਾਜ਼ਮ ਕਿਸੇ ਵੀ ਪੱਧਰ ‘ਤੇ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਨੂੰ ਮੌਕੇ ‘ਤੇ ਹੀ ਬਰਖ਼ਾਸਤ ਕਰ ਦਿੱਤਾ ਜਾਵੇਗਾ |
ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ 10 ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸਦੇ ਨਾਲ ਹੀ ਵੱਡੇ ਪੱਧਰ ‘ਤੇ ਪੁਲਿਸ ਮਹਿਕਮੇ ‘ਚ ਤਬਾਦਲੇ ਕੀਤੇ ਜਾ ਰਹੇ ਹਨ। ਹੁਣ ਤੱਕ 10 ਹਜ਼ਾਰ ਮੁਲਾਜ਼ਮਾਂ ਦੇ ਤਬਾਦਲੇ ਹੋ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਦੀ ਗਿਣਤੀ ਸਾਲਾਂ ਤੋਂ ਨਹੀਂ ਵਧੀ ਹੈ। ਹੁਣ ਪੁਲਿਸ (Punjab Police) ਵਿੱਚ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇਗੀ। 23 ਸਾਲਾਂ ਤੋਂ ਪੰਜਾਬ ਪੁਲਿਸ ਵਿੱਚ 80 ਤੋਂ 81 ਹਜ਼ਾਰ ਮੁਲਾਜ਼ਮ ਹਨ। ਅਜਿਹੇ ‘ਚ ਵੱਖ-ਵੱਖ ਰੈਂਕਾਂ ‘ਤੇ 10 ਹਜ਼ਾਰ ਮੁਲਾਜ਼ਮ ਭਰਤੀ ਕੀਤੇ ਜਾਣਗੇ। ਹੁਣ ਅਸਾਮੀਆਂ ਦੀ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 315 ਐਸ.ਐਚ.ਓਜ਼ ਨੂੰ ਗੱਡੀਆਂ ਦਿੱਤੀਆਂ ਗਈਆਂ ਹਨ। ਛੇਤੀ ਹੀ 100 ਦੇ ਕਰੀਬ ਮੁਲਾਜ਼ਮਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ ਜਾਣਗੀਆਂ।