ਚੰਡੀਗੜ੍ਹ, 18 ਦਸੰਬਰ 2024: ਪੰਜਾਬ ਦੀ ਕੈਬਿਨਟ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਗਭਗ 70,000 ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਸ ਸੰਬੰਧੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ‘ਚ ਸੁਧਾਰ ਲਈ ਉਪਰਾਲੇ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਚਾਲੂ ਵਿੱਤੀ ਸਾਲ ਦੇ ਅਕਤੂਬਰ 2024 ‘ਚ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ ਕੁੜੀ ਦੇ ਜਨਮ ‘ਤੇ ਕੁੱਲ 65,478 ਔਰਤਾਂ ਦੇ ਖਾਤਿਆਂ ‘ਚ ਸਿੱਧੇ ਤੌਰ ‘ਤੇ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਭੇਜੀ ਹੈ |
ਕੈਬਨਿਟ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਸਰਕਾਰ 19 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5,000 ਰੁਪਏ (3,000 + 2,000 ਰੁਪਏ ਦੀਆਂ ਦੋ ਕਿਸ਼ਤਾਂ ‘ਚ) ਅਤੇ ਦੂਜੇ ਬੱਚੇ ਕੁੜੀ ਦੇ ਜਨਮ ‘ਤੇ 6,000 ਰੁਪਏ ਪ੍ਰਦਾਨ ਕਰਦੀ ਹੈ।
ਇਹ ਰਕਮ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਖਾਸ ਸ਼ਰਤਾਂ ਦੀ ਪੂਰਤੀ ਦੇ ਅਧੀਨ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਸੁਧਾਰਨ ਲਈ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਜਣੇਪੇ ਤੋਂ ਪਹਿਲਾਂ ਅਤੇ ਬਾਅਦ ‘ਚ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਸਿਹਤ ‘ਚ ਸੁਧਾਰ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਸੂਬੇ ‘ਚ ਜਨਮ ਸਮੇਂ ਲੜਕੀਆਂ ਦੇ ਘੱਟ ਲਿੰਗ ਅਨੁਪਾਤ ‘ਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿੱਤੀ ਸਹਾਇਤਾ ਲਈ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ‘ਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਜਾਂ ਡਾਕਖਾਨੇ ਦੇ ਖਾਤਿਆਂ ‘ਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਲੈਣ ਲਈ ਹਰੇਕ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਲਾਜ਼ਮੀ ਹੈ, ਜਿਸ ਨੂੰ ਬੈਂਕ ਖਾਤੇ ਨਾਲ ਲਿੰਕ ਕੀਤਾ ਜਾਣਾ ਚਾਹੀਦਾ ਹੈ।
ਮੰਤਰੀ ਡਾ: ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰਨ ਤਾਂ ਜੋ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
Read More: Amritsar News: CM ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ‘ਚ ਰੋਡ ਸ਼ੋਅ, ਅਕਾਲੀ ਦਲ ‘ਤੇ ਕੱਸਿਆ ਤੰਜ