ਚੰਡੀਗੜ੍ਹ, 19 ਜੂਨ 2024: ਪੰਜਾਬ (Punjab) ‘ਚ ਅੱਜ ਦੁਪਹਿਰ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਦਾ ਚੁੱਕਾ ਜਾਮ ਰਹੇਗਾ | ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚੱਕਾ ਜਾਮ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਤਨਖਾਹਾਂ ਨਾ ਮਿਲਣ ‘ਤੇ ਕੋਈ ਡਿਪੂ ਨਹੀਂ ਖੋਲ੍ਹਿਆ ਜਾਵੇਗਾ। ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਵੀ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਆਈਆਂ, ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਉਨ੍ਹਾਂ ਦੇ ਓਵਰ ਟਾਈਮ ਦੇ ਬਕਾਏ ਵੀ ਨਹੀਂ ਦਿੱਤੇ ਜਾਂਦੇ, ਜਿਸ ਕਾਰਨ ਉਨ੍ਹਾਂ ਨੇ ਗੇਟ ਰੈਲੀ ਕਰਕੇ ਸਾਰੇ ਡਿਪੂ ਬੰਦ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਨੇ ਨਾਅਰੇਬਾਜ਼ੀ ਕਰਕੇ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣੀ ਜ਼ਰੂਰੀ ਸਮਝੀ। ਦੁਪਹਿਰ 2.30 ਵਜੇ ਮੁੱਖ ਦਫ਼ਤਰ ਵਿਖੇ ਲੁਧਿਆਣਾ ਡਿਪੂ ਦੇ ਮੁਲਾਜ਼ਮਾਂ ਅਤੇ ਪਨਬੱਸ ਦੇ ਸਮੂਹ ਅਧਿਕਾਰੀਆਂ ਦੀ ਬੈਠਕ ਹੈ, ਜਿਸ ਵਿੱਚ ਅਗਲੇਰੀ ਕਾਰਵਾਈ ਸਬੰਧੀ ਮੁੱਖ ਚਰਚਾ ਕੀਤੀ ਜਾਵੇਗੀ।