ਮੋਹਾਲੀ/ਚੰਡੀਗੜ੍ਹ, 13 ਅਕਤੂਬਰ 2024: 15 ਅਕਤੂਬਰ ਨੂੰ ਪੰਜਾਬ ਭਰ ‘ਚ ਪੰਚਾਇਤੀ ਚੋਣਾਂ (Panchayat elections) ਹੋਣਗੀਆਂ | ਇਨ੍ਹਾਂ ਚੋਣਾਂ ਨੂੰ ਲੈ ਕੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸੂਬੇ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਦਬਾਅ ਨਹੀਂ ਹੋਵੇਗਾ।
ਉਨ੍ਹਾਂ ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਪੰਚਾਇਤ ਦੀ ਚੋਣ ਕਰਨਗੇ। ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਮਜ਼ਬੂਤ ਨੀਂਹ ਹੋਣੀ ਜ਼ਰੂਰੀ ਹੈ। ਇਸ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੰਦੇ ਹੋਏ ਆਪਣੀ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ ਕਿਉਂਕਿ ਪੰਜਾਬ ਦਾ ਵਿਕਾਸ ਪਿੰਡਾਂ ਦੇ ਵਿਕਾਸ ਨਾਲ ਹੀ ਸੰਭਵ ਹੈ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਚਾਇਤੀ ਚੋਣਾਂ ਹਰ ਪੰਜ ਸਾਲ ਬਾਅਦ ਆਉਂਦੀਆਂ ਹਨ, ਜੋ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਹੱਕਾਂ ਲਈ ਚੋਣਾਂ ਹੁੰਦੀਆਂ ਹਨ। ਪੰਚਾਇਤ ਚੰਗੀ ਹੋਵੇ ਤਾਂ ਪਿੰਡ ਤਰੱਕੀ ਕਰਦਾ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ ਜੋ ਨਸ਼ਿਆਂ ਵਿਰੁੱਧ, ਪਿੰਡਾਂ ਦੇ ਵਿਕਾਸ ਲਈ, ਲੋਕਾਂ ਦੀ ਭਲਾਈ ਲਈ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਚੰਗੇ ਸਮਾਜ ਦੀ ਉਸਾਰੀ ਲਈ ਯੋਗਦਾਨ ਪਾਉਣ, ਤਾਂ ਜੋ ਪਿੰਡਾਂ ਦਾ ਵਿਕਾਸ ਹੋ ਸਕੇ |
ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ (Panchayat elections) ਵਿੱਚ ਲੋਕ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਪਾ ਕੇ ਪੰਚਾਇਤ ਦੀ ਚੋਣ ਕਰਨ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ, ਪਰ ਇਨ੍ਹਾਂ ਚੋਣਾਂ ‘ਚ ਪੁਰਾਣੀਆਂ ਪਾਰਟੀਆਂ ਵੱਲੋਂ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਕਰਕੇ ਵੱਖ-ਵੱਖ ਥਾਵਾਂ ‘ਤੇ ਹਿੰਸਕ ਝੜਪਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਰ ਪੰਜਾਬ ਸਰਕਾਰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਇਹ ਉਦੋਂ ਹੀ ਸੰਭਵ ਹੋਵੇਗਾ ਜਦੋਂ ਲੋਕ ਸਰਗਰਮੀ ਨਾਲ ਚੋਣਾਂ ਦੌਰਾਨ ਵੋਟ ਪਾ ਕੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਗੇ। ਕਿਉਂਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਨਾਲ ਸਬੰਧਤ ਨਹੀਂ, ਸਗੋਂ ਪਿੰਡ ਨਾਲ ਸਬੰਧਤ ਹੈ, ਜੋ ਹਮੇਸ਼ਾ ਪਿੰਡ ਦੀ ਤਰੱਕੀ ਦੀ ਗੱਲ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੀ ਤਰੱਕੀ ਲਈ ਚੰਗੇ ਲੋਕਾਂ ਨੂੰ ਅੱਗੇ ਲਿਆਉਣ।