ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਵਿੱਤ ਵਿਭਾਗ ਵੱਲੋਂ ਪੰਜਾਬ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ ਕਮਿਸ਼ਨ (6th Pay Commission) ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ |
ਵਿੱਤ ਵਿਭਾਗ ਦੇ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਦੀ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਮਿਲੇਗਾ ।
ਇਸਦੇ ਨਾਲ ਹੀ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੇ 6ਵੇਂ ਤਨਖਾਹ ਕਮਿਸ਼ਨ (6th Pay Commission) ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕੀਤੀ ਜਾਵੇਗੀ ਅਤੇ ਵਿੱਤੀ ਲੋੜਾਂ ਸਮੇਤ ਪੂਰਾ ਵੇਰਵਾ ਭੇਜਿਆ ਜਾਵੇਗਾ ਅਤੇ ਇਸ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਪ੍ਰਦਾਨ ਕਰੇਗਾ ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਇਹ ਯਤਨ ਜਾਰੀ ਰਹਿਣਗੇ ਅਤੇ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ‘ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।