ਚੰਡੀਗੜ 09 ਨਵੰਬਰ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਸਹਾਇਕ ਸਬ-ਇੰਸਪੈਕਟਰ (Assistant sub-inspector) ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਗ੍ਰਿਫਤਾਰ ਉਕਤ ਸਹਾਇਕ ਸਬ-ਇੰਸਪੈਕਟਰ (ASI) ਭੁਪਿੰਦਰ ਸਿੰਘ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸੀ | ਵਿਜੀਲੈਂਸ ਮੁਤਾਬਕ ਉਕਤ ASI ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ |
ਇਸ ਸੰਬੰਧੀ ਵਿਜੀਲੈਂਸ ਨੇ ਦੱਸਿਆ ਕਿ ਉਕਤ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਿੰਡ ਧੂੰਦਾ (ਤਹਿਸੀਲ ਖਡੂਰ ਸਾਹਿਬ) ਦੇ ਰਹਿਣ ਵਾਲੇ ਦਿਲਬਾਗ ਸਿੰਘ ਦੁਆਰਾ ਦਰਜ ਕਾਰਵਾਈ ਸ਼ਿਕਾਇਤ ਦੇ ਅਧਾਰ ‘ਤੇ ਕਾਰਵਾਈ ਕੀਤੀ ਗਈ ਹੈ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਹੇਠਲੀ ਅਦਾਲਤ ‘ਚ ਚੱਲ ਰਹੇ ਪੁਲਿਸ ਕੇਸ ‘ਚ ਸ਼ਿਕਾਇਤਕਰਤਾ ਦੇ ਹੱਕ ‘ਚ ਰਿਕਾਰਡ ਪੇਸ਼ ਕਰਨ ਬਦਲੇ 5 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗੀ |
ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਪੁਲਿਸ ਮੁਲਾਜ਼ਮ (Assistant sub-inspector) ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ |
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪੁਲੀਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।