ਚੰਡੀਗੜ੍ਹ, 15 ਅਕਤੂਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਪਾਰਟੀ ‘ਚੋਂ ਕੱਢਣ ਦੇ ਆਦੇਸ਼ ਜਾਰੀ ਕੀਤੇ ਹਨ | ਸਿੰਘ ਸਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵਲਟੋਹਾ ਨੂੰ 10 ਸਾਲ ਲਈ ਪਾਰਟੀ ‘ਚੋਂ ਕੱਢਣ ਦੇ ਹੁਕਮ ਦਿੱਤੇ ਹਨ |
ਜਥੇਦਾਰਾਂ ਨੇ ਵਲਟੋਹਾ ਨੂੰ 24 ਘੰਟਿਆਂ ਅੰਦਰ-ਅੰਦਰ ਬਾਹਰ ਕੱਢਣ ਦੇ ਹੁਕਮ ਦਿੱਤੇ ਹਨ | ਜਥੇਦਾਰਾਂ ਨੇ ਦੱਸਿਆ ਕਿ ਵਿਰਸਾ ਸਿੰਘ ਵਲਟੋਹਾ ਨੇ ਮੁਆਫ਼ੀਨਾਮਾ ਦਿੱਤਾ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਹੋਈ ਗੱਲਬਾਤ ਦੀ ਬਿਨਾਂ ਇਜਾਜਤ ਰਿਕਾਰਡਿੰਗ ਕਰਕੇ ਵਿਸ਼ਵਾਸਘਾਤ ਕੀਤਾ ਹੈ| ਇਸਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਘਰ ਜਾ ਕੇ ਸੁਖਬੀਰ ਸਿੰਘ ਬਾਦਲ ਖਿਲਾਫ਼ ਸਿਆਸੀ ਫੈਸਲਾ ਨਾ ਲੈਣ ਦੀ ਧਮਕੀ ਦਿੱਤੀ ਗਈ |
ਜਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਜਥੇਦਾਰਾਂ ‘ਤੇ ਭਾਜਪਾ ਅਤੇ ਆਰਐਸਐਸ ਦੇ ਦਬਾਅ ਹੇਠ ਕੰਮ ਕਰਨ ਦੇ ਦੋਸ਼ ਲਗਾਏ ਸਨ | ਜਿਸਦੇ ਚੱਲਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 13 ਅਕਤੂਬਰ ਨੂੰ ਵਿਰਸਾ ਸਿੰਘ ਵਲਟੋਹਾ ਵੱਲੋਂ ਆਪਣੇ ਬਿਆਨ ‘ਤੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ | ਵਲਟੋਹਾ ਨੇ ਅੱਜ ਪੰਜ ਸਿੰਘ ਸਾਹਿਬਾਨ ਦੇ ਅੱਗੇ ਪੇਸ਼ ਹੁੰਦਿਆਂ ਆਪਣਾ ਸਪੱਸ਼ਟੀਕਰਨ ਦਿੱਤਾ l ਹਾਲਾਂਕਿ ਵਿਰਸਾ ਸਿੰਘ ਵਲਟੋਹਾ ਆਪਣੇ ਬਿਆਨ ਸੰਬੰਧੀ ਕੋਈ ਸਬੂਤ ਪੇਸ਼ ਨਹੀਂ ਕਰ ਸਕੇ |