Site icon TheUnmute.com

ਪੰਜਾਬ ਪੁਲਿਸ ਦੀ AGTF ਵੱਲੋਂ ਲਖਬੀਰ ਲੰਡਾ ਦਾ ਸਹਿਯੋਗੀ ਅਸਲੇ ਸਣੇ ਗ੍ਰਿਫ਼ਤਾਰ

AGTF

ਚੰਡੀਗੜ੍ਹ, 20 ਫਰਵਰੀ 2025: ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਵੀਰਵਾਰ ਨੂੰ ਵਿਦੇਸ਼ ਅਧਾਰਤ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ਼ ਭੁਜੀਆ, ਵਾਸੀ ਪਿੰਡ ਮੱਟੀ, ਮਾਨਸਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਏਡੀਜੀਪੀ (AGTF) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਮਾਨਸਾ ਦੇ ਭੀਖੀ ਇਲਾਕੇ ਤੋਂ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਸੁਖਚੈਨ ਭੀਖੀ ‘ਚ ਹਾਲ ਹੀ ‘ਚ ਹੋਏ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਲੋੜੀਂਦਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ, ਜਿਸ ‘ਚ ਉਸ ਵਿਰੁੱਧ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਖਚੈਨ ਉਰਫ਼ ਭੁਜੀਆ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਏ.ਆਈ.ਜੀ. (AGTF) ​​ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸਦੇ ਪੁਰਾਣੇ ਅਤੇ ਮੌਜੂਦਾ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ‘ਚ ਮੁਕੱਦਮਾ ਐਫਆਈਆਰ ਨੰਬਰ 22, ਮਿਤੀ 10/02/2025 ਪਹਿਲਾਂ ਹੀ ਪੁਲਿਸ ਥਾਣਾ ਭੀਖੀ, ਜ਼ਿਲ੍ਹਾ ਮਾਨਸਾ ਵਿਖੇ ਭਾਰਤੀ ਦੰਡਾਵਲੀ (ਬੀਐਨਐਸ) ਦੀਆਂ ਧਾਰਾਵਾਂ 125, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਦਰਜ ਕੀਤਾ ਜਾ ਚੁੱਕਾ ਹੈ।

Read More: Muktsar: ਸਬ ਇੰਸਪੈਕਟਰ ਮੁਅੱਤਲ, ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Exit mobile version