ਬਚਪਨ ਬਚਾਓ ਅੰਦੋਲਨ

ਪੰਜਾਬ ਪੁਲਿਸ ਤੇ ਬਚਪਨ ਬਚਾਓ ਅੰਦੋਲਨ ਨੇ ਬਾਲ ਸੁਰੱਖਿਆ ਕਾਨੂੰਨਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 18 ਜੁਲਾਈ 2025: ਬਾਲ ਸੁਰੱਖਿਆ ਕਾਨੂੰਨਾਂ ਅਤੇ ਇਸਦੇ ਪ੍ਰਭਾਵਸ਼ਾਲੀ ਲਾਗੂਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਅੱਜ ਜੁਵੇਨਾਈਲ ਜਸਟਿਸ (ਜੇਜੇ) ਐਕਟ, 2015 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012 ‘ਤੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ |

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸੀਏਡੀ ਗੁਰਪ੍ਰੀਤ ਕੌਰ ਦਿਓ ਨੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ, ਜਿਨ੍ਹਾਂ ਨੇ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰ ਰਹੇ ਬੱਚਿਆਂ ਸਮੇਤ ਸਾਰੇ ਬੱਚਿਆਂ ਦੀ ਸੁਰੱਖਿਆ ‘ਚ ਇਨ੍ਹਾਂ ਐਕਟਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਸੰਸਥਾਵਾਂ ਜਿਵੇਂ ਕਿ ਜੁਵੇਨਾਈਲ ਜਸਟਿਸ ਬੋਰਡ (ਜੇਜੇਬੀ), ਬਾਲ ਭਲਾਈ ਕਮੇਟੀਆਂ (ਸੀਡਬਲਯੂਸੀ) ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰਾਂ (ਡੀਸੀਪੀਓ) ਨਾਲ ਨੇੜਿਓਂ ਤਾਲਮੇਲ ਕਰਕੇ ਕੰਮ ਕਰਨ ਜਿਨ੍ਹਾਂ ਦੀਆਂ ਭੂਮਿਕਾਵਾਂ ਜੇਜੇ ਐਕਟ ਅਧੀਨ ਮਹੱਤਵਪੂਰਨ ਹਨ।

ਇਸ ਪ੍ਰੋਗਰਾਮ ਵਿੱਚ 65 ਤੋਂ ਵੱਧ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ‘ਚ ਡਿਪਟੀ ਏਐਸਪੀ, ਐਸਐਚਓ, ਮਹਿਲਾ ਹੈਲਪਡੈਸਕ ਇੰਚਾਰਜ, ਬਾਲ ਭਲਾਈ ਪੁਲਿਸ ਅਫਸਰ (ਸੀਡਬਲਯੂਪੀਓ) ਅਤੇ ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਦੇ ਸੀਡਬਲਯੂਸੀ ਚੇਅਰਪਰਸਨ ਸ਼ਾਮਲ ਸਨ। ਦੂਜੇ ਦਿਨ ਵਿਸ਼ੇਸ਼ ਤੌਰ ‘ਤੇ ਪੋਕਸੋ ਐਕਟ, 2012 ਬਾਰੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ, ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਕਾਨੂੰਨੀ ਪ੍ਰਬੰਧਾਂ ਨੂੰ ਉਜਾਗਰ ਕਰਨ ‘ਤੇ ਕੇਂਦ੍ਰਿਤ ਕੀਤਾ ਗਿਆ।

ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਸਿਖਲਾਈ ਭਾਈਵਾਲ ਵਜੋਂ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਦੋਵਾਂ ਐਕਟਾਂ ਬਾਰੇ ਅਨਮੋਲ ਜਾਣਕਾਰੀ ਪ੍ਰਦਾਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸੀਏਡੀ ਨੇ ਬੀਬੀਏ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ 8 ਪੁਲਿਸ ਰੇਂਜਾਂ ‘ਚ ਇਸੇ ਤਰ੍ਹਾਂ ਦੇ ਸਿਖਲਾਈ ਸੈਸ਼ਨ ਕਰਵਾਏ ਹਨ ਤਾਂ ਜੋ ਬਾਲ ਸੁਰੱਖਿਆ ਕਾਨੂੰਨਾਂ ਦੀ ਵਿਆਪਕ ਜਾਗਰੂਕਤਾ ਅਤੇ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

Read More: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 129 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

Scroll to Top