Punjab Police

ਪੰਜਾਬ ਪੁਲਿਸ ਨੇ ਗੋਲਡੀ ਬਰਾੜ ਦੇ ਦੋ ਨਜਦੀਕੀ ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

ਚੰਡੀਗੜ੍ਹ 27 ਜੁਲਾਈ 2022: ਗੈਂਗਸਟਰਾਂ ਖ਼ਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ | ਪੁਲਿਸ ਮੁਤਾਬਕ ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਨੂੰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ | ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਮੰਗਲਵਾਰ ਨੂੰ ਦਿੱਤੀ।

ਪੰਜਾਬ ਪੁਲਿਸ (Punjab Police) ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਇਨ੍ਹਾਂ ਦੀ ਭਾਲਮ ਕਰ ਰਹੀ ਸੀ |

ਇਸਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ (ਛੇ 32 ਬੋਰ ਅਤੇ ਇੱਕ 30 ਬੋਰ) ਸਮੇਤ ਅਸਲਾ ਅਤੇ ਇੱਕ ਏਐਸਆਈ ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਦੀ ਵਰਤੋਂ ਕਰਦਿਆਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਇੱਕ ਮੋਟਰਸਾਈਕਲ ‘ਤੇ ਵੱਡੀ ਗਿਣਤੀ ਵਿੱਚ ਹਥਿਆਰ ਲੈ ਕੇ ਰਾਜ ਤੋਂ ਭੱਜਣ ਦੀ ਕੋਸ਼ਿਸ਼ ਕਰਨ ਦੀ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲਿਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ ‘ਤੇ ਨਾਕਾਬੰਦੀ ਕੀਤੀ ਅਤੇ ਉਹ ਦੋਵੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਦੇ ਜ਼ਮਾਨਤ ‘ਤੇ ਬਾਹਰ ਆਉਣ ‘ਤੇ ਕਤਲ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਮਾਰਨ ਦੀ ਅਸਫਲ ਕੋਸ਼ਿਸ਼ ਵੀ ਕੀਤੀ ਸੀ, ਜਦੋਂ ਨਕੋਦਰ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਸੀ।

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਇਨ੍ਹਾਂ ਦੋ ਵਿਅਕਤੀਆਂ ਦੇ ਸਬੰਧਾਂ ਨੂੰ ਨਕਾਰਦਿਆਂ ਡੀਜੀਪੀ ਨੇ ਕਿਹਾ ਕਿ ਪੁਲੀਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ।ਇਸੇ ਦੌਰਾਨ ਥਾਣਾ ਸੰਗਤ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 (1)ਏ/54/59 ਅਧੀਨ 25 ਜੁਲਾਈ 2022 ਨੂੰ ਐਫਆਈਆਰ 111 ਦਰਜ ਕੀਤੀ ਗਈ ਹੈ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171 ਐਫ.ਆਈ.ਆਰ. ਵਿੱਚ ਵਾਧਾ ਕੀਤਾ ਗਿਆ ਹੈ।

Scroll to Top